- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਖੇਤ ਬਚਾਉ ਅਭਿਆਨ’ ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਨਾਲ ਮਿਲ ਕੇ ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਸੀਰਵਾਲੀ ਅਤੇ ਫ਼ਤੂਹੀ ਖੇੜਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿੱਚ ਵਿਗਿਆਨਕ ਕਾਸ਼ਤ ਤਕਨੀਕਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ, ਉਹਨਾਂ ਨੇ ਇਸ ਮੁਹਿੰਮ ਤਹਿਤ ਕੇ.ਵੀ.ਕੇ. ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੁੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ, ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ, ਫਸਲੀ ਰਹਿੰਦ-ਖੂੰਹਦ ਪ੍ਰਬੰਧਨ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਨਾਈਟ੍ਰੋਜਨ ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਦੇ ਬੀਜ ਉਤਪਾਦਨ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਝੋਨੇ ਵਿੱਚ ਮਧਰੇ ਰੋਗ ਦੀ ਸਹੀ ਸਮੇਂ ਤੇ ਰੋਕਥਾਮ ਦੇ ਢੰਗਾਂ ਬਾਰੇ ਵੀ ਚਾਨਣਾ ਪਾਇਆ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਤੋਂ ਡਾ. ਹਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਦੀ ਜਾਂਚ ਅਧਾਰਿਤ ਖਾਦਾਂ ਦੀ ਵਰਤੋਂ ਲੰਬੇ ਸਮੇਂ ਲਈ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫਾਰਸ਼ੀ ਮਾਤਰਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ, ਉਹਨਾਂ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਪ੍ਰੋਗਰਾਮਾਂ ਦੌਰਾਨ ਆਏ ਹੋਏ ਕਿਸਾਨਾਂ ਵੱਲੋਂ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਖੇਤੀ ਮਾਹਿਰਾਂ ਵੱਲੋਂ ਮੌਕੇ ਤੇ ਹੱਲ ਦੱਸੇ ਗਏ।