- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਸਾਨ : ਡਿਪਟੀ ਕਮਿਸ਼ਨਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ’ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ’ਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰ ਸਕਦੇ ਹਨ। ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਉਪਲਬਧ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾਇਆ ਜਾ ਸਕਦਾ ਹੈ ਜਾਂ ਇਸ ਦੀਆਂ ਗੱਠਾਂ ਬਣਾ ਕੇ ਹੋਰ ਢੁਕਵੇਂ ਕੰਮਾਂ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦਾ ਖੇਤਾਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ, ਨਮੀ ਬਰਕਰਾਰ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਲੈਣ ਅਤੇ ਉਪਲਬਧ ਖੇਤੀ ਸੰਦਾਂ ਦੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸਾਫ਼-ਸੁਥਰਾ ਵਾਤਾਵਰਣ ਅਤੇ ਸਿਹਤਮੰਦ ਸਮਾਜ ਸਿਰਜਿਆ ਜਾ ਸਕਦਾ ਹੈ।