ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ ਪੱਕੇ ਮੋਰਚੇ ਦਾ ਐਲਾਨ ਵਾਅਦਾ ਖਿਲਾਫੀ ਤੋਂ ਸਤੇ ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ ਪੱਕੇ ਮੋਰਚੇ ਦਾ ਐਲਾਨ
Publish Date: Sat, 21 Nov 2026 05:11 PM (IST)
Updated Date: Sun, 22 Nov 2026 04:02 AM (IST)
-ਮਜ਼ਦੂਰ ਆਗੂ ਮਾਲੜੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਨਕੋਦਰ ਧਰਨੇ ’ਚ ਸ਼ਾਮਲ ਹੋਣ ਦਾ ਫੈਸਲਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ-ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਵਾਅਦਿਆਂ ਤੋਂ ਮੁੱਕਰਨ ਖ਼ਿਲਾਫ਼ ਬੀਕੇਯੂ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 29 ਨਵੰਬਰ ਤੋਂ ਖੁੱਡੀਆਂ ਸਥਿਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਦਾਣਾ ਮੰਡੀ ਮਲੋਟ ਵਿਖੇ ਹੋਈ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ’ਚ ਲਿਆ ਗਿਆ, ਜਿਸ ’ਚ ਔਰਤ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ 28 ਮਾਰਚ 2022 ਨੂੰ ਥਾਣਾ ਲੰਬੀ ਵਿਖੇ ਦਰਜ ਹੋਏ ਕੇਸਾਂ ਸਮੇਤ ਸਾਰੇ ਅੰਦੋਲਨਕਾਰੀ ਕੇਸ ਵਾਪਸ ਲੈਣ ਦਾ ਭਰੋਸਾ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਸੀ ਪਰ ਕੇਸ ਵਾਪਸ ਲੈਣ ਦੀ ਥਾਂ ਚਲਾਨ ਪੇਸ਼ ਕਰਕੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ। 22 ਅਗਸਤ 2026 ਦੇ ਧਰਨੇ ਦੌਰਾਨ ਮੰਤਰੀ ਵੱਲੋਂ ਦਿੱਤੇ ਜਨਤਕ ਭਰੋਸੇ ’ਤੇ ਵੀ ਕੋਈ ਅਮਲ ਨਹੀਂ ਹੋਇਆ। ਕਿਸਾਨ ਆਗੂ ਗੁਰਪਾਸ਼ ਸਿੰਘ ਅਤੇ ਖੇਤ ਮਜ਼ਦੂਰ ਆਗੂ ਕਾਲ਼ਾ ਸਿੰਘ ਖੂਨਣ ਖੁਰਦ ਨੇ ਕਿਹਾ ਕਿ ਨਾ ਤਾਂ ਖੇਤੀ ਨੀਤੀ ਲਾਗੂ ਹੋਈ ਅਤੇ ਨਾ ਹੀ ਨਸ਼ਿਆਂ ਖ਼ਿਲਾਫ਼ ਕੇਜਰੀਵਾਲ ਦੀ ਗਰੰਟੀ ਪੂਰੀ ਹੋਈ, ਸਗੋਂ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦੇ ਕਤਲ ਅਤੇ ਲੁੱਟਾਂ-ਖੋਹਾਂ ਵਧ ਰਹੀਆਂ ਹਨ। ਮਜ਼ਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਵੀ ਪਰਚੇ ਦਰਜ ਕੀਤੇ ਜਾ ਰਹੇ ਹਨ। ਮੋਰਚੇ ਦੌਰਾਨ ਕੇਸਾਂ ਦੀ ਵਾਪਸੀ, ਘਰੇਲੂ ਬਿਜਲੀ ਬਕਾਏ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਤੇ ਸਿਆਸੀ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 22 ਨਵੰਬਰ ਨੂੰ ਡੀਐੱਸਪੀ ਨਕੋਦਰ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ’ਚ ਮਜ਼ਦੂਰ ਆਗੂ ਤਰਸੇਮ ਸਿੰਘ ਤੇ ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂਨਣ ਖੁਰਦ, ਕਾਲ਼ਾ ਸਿੰਘ ਸਿੰਘੇਵਾਲਾ, ਰਾਮਪਾਲ ਗੱਗੜ ਅਤੇ ਕਿਸਾਨ ਆਗੂ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਮਲੋਟ, ਹਰਫੂਲ ਸਿੰਘ ਭਾਗਗਰ ਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ-ਮਜ਼ਦੂਰ ਹਾਜ਼ਰ ਸਨ।