ਹੱਕ ਮੰਗਦੇ ਆਗੂਆਂ ’ਤੇ ਪਰਚੇ ਕਰਨਾ ਲੋਕਤੰਤਰ ਦਾ ਘਾਣ : ਦੀਪਕ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਹੱਕੀ ਦੇ ਜਮਹੂਰੀ ਹੱਕ ਦੀ ਬਹਾਲੀ ਲਈ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਤੇ ਪਰਚਾ ਦਰਜਾ ਕਰਕੇ ਡਰਾਉਣਾ ਲੋਕਤੰਤਰ ਦਾ ਘਾਣ ਹੈ, ਪ੍ਰੰਤੂ ਸਰਕਾਰ ਦੇ ਇਨ੍ਹਾਂ ਤਾਨਾਸ਼ਾਹੀ ਫ਼ੁਰਮਾਨਾਂ ਨਾਲ ਸੀਪੀਐਫ ਕਰਮਚਾਰੀ ਪਿੱਛੇ ਨਹੀਂ ਹਟਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਪੀਐਫ ਕਰਮਚਾਰੀ ਯੂਨੀਅਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀਪਕ ਕੁਮਾਰ ਨੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਿਤ ਹੁੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਝੰਡੇ ਹੇਠ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਬੀਤੇ 25 ਨਵੰਬਰ ਨੂੰ ਦਿੱਲੀ ਵਿਖੇ ਰਾਸ਼ਟਰ ਪੱਧਰੀ ਇਕੱਠ ਕੀਤਾ ਗਿਆ ਸੀ। ਇਸ ਇਕੱਠ ’ਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੀਪੀਐਫ ਕਰਮਚਾਰੀਆਂ ਨੇ ਇਕੱਠੇ ਹੋ ਕੇ ਆਪਣਾ ਰੋਸ ਪ੍ਰਗਟ ਕੀਤਾ। ਜਿਸਦੇ ਚਲਦਿਆਂ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਹੋਰ ਆਗੂਆਂ ਦੇ ਵਿਰੁੱਧ ਐਫਆਈਆਰ ਦਰਜ ਕੀਤੀ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਵਿਰੁੱਧ ਅੱਜ ਪੂਰੇ ਸੂਬੇ ’ਚ ਐਫਆਈਆਰ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਇਸ ਮੌਕੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਸੂਬਾ ਅਤੇ ਕੇਂਦਰ ਸਰਕਾਰ ਅੱਗੇ ਚੁੱਕੀ ਜਾ ਰਹੀ ਹੈ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਨਾ ਤਾਂ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਬਾਂਹ ਫੜ੍ਹੀ ਗਈ ਹੈ ਅਤੇ ਨਾ ਹੀ ਕੇਂਦਰ ਸਰਕਾਰ ਨੇ ਕਰਮਚਾਰੀਆਂ ਦੀ ਸਾਰ ਲਈ ਹੈ। ਇੱਕ ਕਰਮਚਾਰੀ ਆਪਣੇ ਜੀਵਨ ਦੇ 30-35 ਸਾਲ ਸਰਕਾਰੀ ਸੇਵਾ ’ਚ ਦੇਣ ਦੇ ਬਾਵਜੂਦ ਪੈਨਸ਼ਨ ਵਿਹੂਣਾ ਹੋ ਕੇ ਘਰ ਪਰਤਦਾ ਹੈ ਪ੍ਰੰਤੂ ਲੋਕ ਸੇਵਾ ਦੇ ਨਾਮ ’ਤੇ ਚੁਣੇ ਜਾਣ ਵਾਲੇ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਕੇਵਲ ਪੰਜ ਸਾਲ ਬਾਅਦ ਹੀ ਪੈਨਸ਼ਨ ਦੇ ਹੱਕਦਾਰ ਹੋ ਜਾਂਦੇ ਹਨ ਇੱਥੋਂ ਤੱਕ ਕਿ ਜੇਕਰ ਕੋਈ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਸਹੁੰ ਚੁੱਕਣ ਤੋਂ ਅਗਲੇ ਦਿਨ ਹੀ ਅਸਤੀਫ਼ਾ ਦੇ ਦੇਵੇ ਤਾਂ ਵੀ ਉਹ ਪੈਨਸ਼ਨ ਦਾ ਹੱਕਦਾਰ ਹੋ ਜਾਂਦਾ ਹੈ। ਇਹ ਨੀਤੀ ਕਰਮਚਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਇਸ ਮੌਕੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਸੁਪਰਡੰਟ, ਰਾਜੀਵ ਕੁਮਾਰ, ਹਰਬੰਸ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਰਜਵੰਤ ਸਿੰਘ, ਨਿਰਮਲ, ਵਿਕਰਮਜੀਤ, ਰਣਜੀਤ ਸਿੰਘ, ਰੁਸਤਮ ਕਾਨੂੰਗੋ, ਸਰਬਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ’ਚ ਕਰਮਚਾਰੀ ਹਾਜ਼ਰ ਸਨ।