- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਰਾਕ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਪੰਜਾਬੀ ਜਾਗਰਣ ਟੀਮ, ਸ੍ਰੀ ਮੁਕਤਸਰ ਸਾਹਿਬ : ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ, ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂ ਕਿ ਫਸਲ ਵੇਚਣ ’ਚ ਕੋਈ ਪ੍ਰੇਸ਼ਾਨੀ ਨਾ ਆਵੇ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦ ਕੇ ਕਿਸਾਨਾਂ ਨੂੰ ਸਮੇਂ ਸਿਰ ਮੰਡੀਆਂ ’ਚੋਂ ਵੇਹਲੇ ਕਰਨਾ ਹੈ ਅਤੇ ਐਮਐਸਪੀ 2461/- ਰੁਪਏ ਦੇ ਹਿਸਾਬ ਨਾਲ 24 ਘੰਟਿਆਂ ਦੇ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਨਾ ਹੈ। ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨੀ ਨਾਲ ਜੁੜੇ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮਿੱਲਰ, ਆੜ੍ਹਤੀਆ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਐਮਐਸਪੀ ਦੇ ਹਿਸਾਬ ਨਾਲ 3,111 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਿੱਥੇ ਟੀਚੇ ਵੱਲ ਹੌਲੀ-ਹੌਲੀ ਵਾਧਾ ਹੋ ਰਿਹਾ ਹੈ ਅਤੇ ਜਿਹੜੇ ਕਿਸਾਨ ਕੱਲ ਫ਼ਸਲ ਲੈ ਕੇ ਆਏ ਸਨ ਅੱਜ ਉਨ੍ਹਾਂ ਦੀ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬੀਤੇ ਦਿਨ ਦੀ ਝੋਨੇ ਦੀ ਆਮਦ ਅਤੇ ਖਰੀਦ ਸਬੰਧੀ ਆਂਕੜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ 10 ਅਕਤੂਬਰ 2026 ਤੱਕ 3,815 ਮ੍ਰੀਟਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 2,550 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਮੰਡੀਆਂ ’ਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਯਤਨਾਂ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਅਤੇ ਇਸੇ ਨਹਿਰੀ ਪਾਣੀ ਸਦਕਾ ਹੀ ਝੋਨੇ ਦੀ ਫ਼ਸਲ ਦੇ ਝਾੜ ’ਚ ਵਾਧਾ ਹੋਇਆ ਹੈ। ਇਸ ਮੌਕੇ ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਰਾਕੇਸ਼ ਕੁਮਾਰ ਪੁਰੀ, ਐਸਡੀਐੱਮ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਕੱਚਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਟਰੱਕ ਯੂਨੀਅਨ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ, ਆੜਤੀਆ ਐਸੋਸੀਏਸ਼ਨ ਦੇ ਨੁਮਾਂਇੰਦੇ, ਕਿਸਾਨ ਆਦਿ ਹਾਜ਼ਰ ਸਨ।