ਫ਼ਸਲ ਦਾ ਨੁਕਸਾਨ ਪੂਰੇ ਪਰਿਵਾਰ ਦੀ ਆਰਥਿਕਤਾ ਉੱਤੇ ਅਸਰ ਪਾਉਂਦਾ : ਡਿੰਪੀ ਢਿੱਲੋਂ ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਜਾਇਜ਼ਾ
Publish Date: Fri, 16 Oct 2026 03:14 PM (IST)
Updated Date: Fri, 16 Oct 2026 03:15 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪਿਛਲੇ ਦਿਨੀਂ ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਿੰਡ ਖਿੱੜਕੀਆਂਵਾਲਾ, ਭੁੱਟੀਵਾਲਾ ਅਤੇ ਹਰੀਕੇ ਕਲਾਂ ਵਿਖੇ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਲਈ ਕਿਹਾ। ਵਿਧਾਇਕ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਨੁਕਸਾਨ ਪੂਰੇ ਪਰਿਵਾਰ ਦੀ ਆਰਥਿਕਤਾ ਉੱਤੇ ਅਸਰ ਪਾਉਂਦਾ ਹੈ। ਇਸ ਲਈ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦੀ ਰਾਹਤ ਦਿਵਾਉਣ ਲਈ ਯਤਨ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨੁਕਸਾਨ ਸਬੰਧੀ ਰਿਪੋਰਟ ਅਤੇ ਲੋੜੀਂਦੀ ਕਾਰਵਾਈ ’ਚ ਤੇਜ਼ੀ ਲਿਆਉਣ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦੀ ਰਾਹਤ ਮਿਲ ਸਕੇ। ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੇ ਔਖੇ ਸਮੇਂ ’ਚ ਕਿਸਾਨਾਂ ਨੂੰ ਹੌਂਸਲਾ ਰੱਖਣ ਦੀ ਲੋੜ ਹੈ। ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲਾ ਨੁਕਸਾਨ ਕਿਸਾਨ ਪਰਿਵਾਰਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ, ਕਿਉਂਕਿ ਉਨ੍ਹਾਂ ਦੀ ਸਾਰੀ ਆਰਥਿਕਤਾ ਫ਼ਸਲ ’ਤੇ ਨਿਰਭਰ ਕਰਦੀ ਹੈ। ਇਸ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਕਿਸਾਨਾਂ ਲਈ ਇਹ ਸਮਾਂ ਬੇਹੱਦ ਮੁਸ਼ਕਲਾਂ ਭਰਿਆ ਹੈ ਅਤੇ ਉਹ ਆਪਣੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਚਿੰਤਤ ਹਨ। ਇਸ ਮੌਕੇ ਤਰਸੇਮ ਸਿੰਘ ਸਰਪੰਚ ਖਿੜਕੀਆਂ ਵਾਲਾ, ਵਕੀਲ ਸਿੰਘ ਚੱਠਾ, ਗੁਰਭੇਜ ਸਿੰਘ, ਬਲਜਿੰਦਰ ਸਿੰਘ ਸੂਰੇਵਾਲਾ, ਬਲਜੀਤ ਸਿੰਘ ਭੁੱਟੀ ਵਾਲਾ, ਨਿਰਮਲ ਸਿੰਘ ਜਿਲਾ ਪ੍ਰੀਸ਼ਦ ਮੈਂਬਰ, ਚਰਨਜੀਤ ਸਿੰਘ, ਰਾਜਪਾਲ ਸਿੰਘ ਰਾਜੂ ਜਤਿੰਦਰ ਸਿੰਘ ਭੁੱਟੀ ਵਾਲਾ, ਪ੍ਰਗਟ ਸਿੰਘ ਹਰਬੰਸ ਸਿੰਘ ਤੋਂ ਇਲਾਵਾ ਕਿਸਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।