ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ-ਕਾਂਗਰਸ ਵੱਲੋਂ ਐੱਸਐੱਸਪੀ ਦਫ਼ਤਰ ਬਾਹਰ ਧਰਨਾ -ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ-
Publish Date: Tue, 22 Sep 2026 04:45 PM (IST)
Updated Date: Tue, 22 Sep 2026 04:48 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਸਥਿਤ ਐੱਸਐੱਸਪੀ ਦਫ਼ਤਰ ਦੇ ਬਾਹਰ ਜ਼ੋਰਦਾਰ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਕਾਂਗਰਸ ਪ੍ਰਧਾਨ (ਮੁਕਤਸਰ ਦਿਹਾਤੀ) ਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਨਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਨੇ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕੇ ਸਨ। ਪਰਿਵਾਰ ਦਾ ਦੋਸ਼ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਹਿ ’ਤੇ ਸਬੰਧਿਤ ਪੁਲਿਸ ਵੱਲੋਂ ਗੁਲਜ਼ਾਰ ਸਿੰਘ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਗਿਆ, ਜਿਸਤੋਂ ਦੁਖੀ ਹੋ ਕੇ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਅਤੇ ਹੋਰ ਧਿਰਾਂ ਵੱਲੋਂ ਲਗਾਤਾਰ ਦਬਾਅ ਅਤੇ ਧਮਕੀਆਂ ਦੇ ਦੋਸ਼ ਲਗਾਏ ਜਾ ਰਹੇ ਹਨ। ਹਾਲਾਂਕਿ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਵੱਲੋਂ ਮੌਤ ਤੋਂ ਪਹਿਲਾਂ ਲਗਾਏ ਗਏ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਇਸ ਮਾਮਲੇ ’ਚ ਜ਼ਿੰਮੇਵਾਰ ਵਿਅਕਤੀਆਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਪ੍ਰਦਰਸ਼ਨ ’ਚ ਗੁਰਪ੍ਰੀਤ ਸਿੰਘ (ਪੀਏ ਰਾਜਾ ਵੜਿੰਗ), ਜਸਪ੍ਰੀਤ ਸਿੰਘ ਭਲਾਈਆਣਾ (ਪੀਏ ਰਾਜਾ ਵੜਿੰਗ), ਤੇਜਿੰਦਰ ਕੁਮਾਰ ਬੱਬੂ ਬਾਂਸਲ, ਮੱਖਣ ਸਿੰਘ ਫੂਲੇਵਾਲਾ, ਸ਼ਿਵ ਕੁਮਾਰ ਸ਼ਿਵਾ, ਕੁਲਵੰਤ ਸਿੰਘ, ਨਵਦੀਪ ਨਵੀ ਸਰਾਵਾਂ ਬੋਦਲਾ, ਜਗਦੀਸ਼ ਕਟਾਰੀਆ, ਪਰਮਜੀਤ ਸਿੰਘ ਲੱਖੇਵਾਲੀ, ਰਣਬੀਰ ਸਿੰਘ ਸ਼ੇਰੇਵਾਲਾ, ਅਮਰਿੰਦਰ ਸੰਮੇਵਾਲੀ, ਹਰਜਿੰਦਰ ਸਿੰਘ ਸਰਪੰਚ ਪੰਜਾਵਾ, ਬਿੰਟਾ ਅਰੋੜਾ ਅਤੇ ਦਵਿੰਦਰ ਹੰਟੀ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।