ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ 'ਤੇ ਚੱਲੀ ਗੋਲ਼ੀ, ਇੱਕ ਜ਼ਖ਼ਮੀ ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ 'ਤੇ ਚੱਲੀਆਂ ਗੋਲੀਆਂ
Publish Date: Mon, 24 Aug 2026 05:38 PM (IST)
Updated Date: Mon, 24 Aug 2026 05:39 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੱਚਾ ਭਾਗਸਰ ਰੋਡ ਤੇ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਘਰ ਦੇ ਗੇਟ ਦੇ ਸਾਹਮਣੇ ਇਕ 21 ਸਾਲਾ ਨੌਜਵਾਨ ਨੂੰ ਅਣਪਛਾਤਿਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਘਟਨਾ ’ਚ ਅਨਿਲ ਕੁਮਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ, ਕਰੀਬ 21 ਸਾਲਾ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਿਆ, ਤਾਂ ਦੋ ਮੋਟਰਸਾਈਕਲਾਂ ਤੇ ਸਵਾਰ ਕੁਝ ਅਣਪਛਾਤੇ ਉੱਥੇ ਪਹੁੰਚੇ। ਪਰਿਵਾਰ ਦੇ ਮੁਤਾਬਕ, ਉਨ੍ਹਾਂ ਵਿਅਕਤੀਆਂ ਨੇ ਅਨਿਲ ਕੁਮਾਰ ਤੋਂ ਪੁੱਛਿਆ ਕਿ ਕੀ ਉਹ ਇੱਥੇ ਹੀ ਰਹਿੰਦੇ ਹਨ, ਇਸ ਤੋਂ ਤੁਰੰਤ ਬਾਅਦ ਉਸ ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਗੋਲੀਆਂ ਅਨਿਲ ਕੁਮਾਰ ਨੂੰ ਲੱਗੀਆਂ ਅਤੇ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਤੋਂ ਫਰੀਦਕੋਟ ਰੈਫਰ ਕੀਤਾ ਗਿਆ। ਅਨਿਲ ਕੁਮਾਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਲੜਾਈ ਹੋਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸਐਚਓ, ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਸਿਟੀ ਦੀ ਜਾਂਚ ਅਧਿਕਾਰੀ ਰਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਖੰਘਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਫੜਨ ਲਈ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।