- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ-ਧੀਆਂ ਅਤੇ ਕਿਸ਼ੋਰ ਬੱਚੇ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਰਹੇ ਹਨ, ਪਰ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦੀ ਮੁਫ਼ਤ ਸਪਲਾਈ ਅਤੇ ਬਰਬਾਦੀ ਤੋਂ ਜੇਕਰ ਸਭ ਤੋਂ ਵੱਧ ਕੋਈ ਪੀੜ੍ਹਤ ਹੈ, ਤਾਂ ਉਹ ਇੱਕ ਮਾਂ ਹੈ। ਉਨ੍ਹਾਂ ਕਿਹਾ, ਮੈਂ ਇੱਕ ਮਾਂ ਹੋਣ ਦੇ ਨਾਤੇ ਇਸ ਦਰਦ ਨੂੰ ਚੰਗੀ ਤਰ੍ਹਾਂ ਮਹਿਸੂਸ ਕਰਦੀ ਹਾਂ, ਕਿਉਂਕਿ ਅੱਜ ਮਾਵਾਂ ਦੇ ਸਾਹਮਣੇ ਉਨ੍ਹਾਂ ਦੇ ਜਵਾਨ ਪੁੱਤ ਦਮ ਤੋੜ ਰਹੇ ਹਨ। ਬੀਬੀ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੀ ਹਰ ਗਲੀ, ਮੁਹੱਲੇ, ਸਕੂਲ, ਕਾਲਜ ਅਤੇ ਜੇਲ੍ਹਾਂ ਤੱਕ ਨਸ਼ਾ ਫੈਲ ਚੁੱਕਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕ ਕੇ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਪੰਜ ਸਾਲਾਂ ’ਚ ਵੀ ਕੁਝ ਨਹੀਂ ਹੋਇਆ।
ਉੱਥੇ ਹੀ, ਬਦਲਾਅ ਦਾ ਨਾਅਰਾ ਦੇ ਕੇ ਆਈ 'ਆਪ' ਸਰਕਾਰ ’ਤੇ ਵਰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚਾਰ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਨਸ਼ਾ ਖ਼ਤਮ ਕਰਨ ਦੀ ਬਜਾਏ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਰਲ ਕੇ ਮਹੀਨੇ ਬੰਨ੍ਹ ਲਏ ਅਤੇ ਕਮਾਈਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਨਸ਼ਿਆਂ ਦੇ ਅੱਡੇ ਜਾਣਨ ਦਾ ਦਾਅਵਾ ਕਰਦੇ ਸਨ, ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਤੋਂ ਬਚਾਉਣਾ ਹੈ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਡਟ ਕੇ ਸਾਥ ਦਿੱਤਾ ਜਾਵੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ-ਧੀਆਂ ਅਤੇ ਕਿਸ਼ੋਰ ਬੱਚੇ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਰਹੇ ਹਨ, ਪਰ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਇਸੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ' ਰੈਲੀ ਕੱਢੀ ਗਈ ਹੈ। ਇਸ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ, ਮਨਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਬੀਬੀਆਂ ਅਤੇ ਵਰਕਰ ਹਾਜ਼ਰ ਸਨ।