ਪੈਟਰੋਲ-ਡੀਜ਼ਲ ਸਸਤਾ ਨਾ ਹੋਣ ’ਤੇ ਹਨੀ ਫੱਤਣਵਾਲਾ ਨੇ ਸਰਕਾਰਾਂ ਨੂੰ ਘੇਰਿਆ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਪੈਟਰੋਲ-ਡੀਜ਼ਲ ਸਸਤਾ ਨਾ ਹੋਣ ’ਤੇ ਹਨੀ ਫੱਤਣਵਾਲਾ ਨੇ ਸਰਕਾਰਾਂ ਨੂੰ ਘੇਰਿਆ
Publish Date: Thu, 02 Jul 2026 04:11 PM (IST)
Updated Date: Thu, 02 Jul 2026 04:14 PM (IST)
- ਕਿਸਾਨਾਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਪੈਟਰੋਲ ਡੀਜ਼ਲ ’ਤੇ ਮਿਲੇ ਸਬਸਿਡੀ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਆਉਣ ਦੇ ਬਾਵਜੂਦ ਦੇਸ਼ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਈਂਧਨ ’ਤੇ ਲੱਗੇ ਟੈਕਸਾਂ ’ਚ ਕਟੌਤੀ ਨਾ ਕਰਨ ਕਾਰਨ ਮਹਿੰਗਾਈ ਦਾ ਬੋਝ ਲਗਾਤਾਰ ਆਮ ਲੋਕਾਂ ’ਤੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਨਾਲ ਆਵਾਜਾਈ ਦਾ ਖਰਚਾ ਵਧ ਗਿਆ ਹੈ, ਜਿਸਦਾ ਸਿੱਧਾ ਅਸਰ ਖੇਤੀਬਾੜੀ, ਉਦਯੋਗ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ’ਤੇ ਪੈ ਰਿਹਾ ਹੈ। ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਪਰਿਵਾਰਾਂ ਨੂੰ ਇਸ ਕਾਰਨ ਸਭ ਤੋਂ ਵੱਧ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੱਚਾ ਤੇਲ ਸਸਤਾ ਹੋ ਰਿਹਾ ਹੈ ਤਾਂ ਇਸਦਾ ਸਿੱਧਾ ਲਾਭ ਵੀ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਈਰਾਨ-ਅਮਰੀਕਾ ਤਣਾਅ ਦੌਰਾਨ ਜਦੋਂ ਕੱਚੇ ਤੇਲ ਦੀ ਕੀਮਤ ਲਗਭਗ 120 ਡਾਲਰ ਪ੍ਰਤੀ ਬੈਰਲ ਸੀ, ਉਸ ਸਮੇਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ ਸੀ। ਹੁਣ ਜਦੋਂ ਕੱਚੇ ਤੇਲ ਦੀ ਕੀਮਤ ਘਟ ਕੇ ਕਰੀਬ 80 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ, ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘਟਾਈਆਂ ਜਾਣੀਆਂ ਚਾਹੀਦੀਆਂ ਹਨ, ਪਰ ਕੇਂਦਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਤੇ ਲੱਗੇ ਟੈਕਸਾਂ ’ਚ ਤੁਰੰਤ ਕਟੌਤੀ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਲਾਭ ਤੋਂ ਉੱਪਰ ਉੱਠ ਕੇ ਲੋਕ ਹਿੱਤ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਹਨੀ ਫੱਤਣਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਡੀਜ਼ਲ ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇ, ਕਿਉਂਕਿ ਖੇਤੀਬਾੜੀ ਲਈ ਡੀਜ਼ਲ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਵੀ ਪੈਟਰੋਲ ਅਤੇ ਡੀਜ਼ਲ 50 ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਤੇ ਪੈਣ ਵਾਲਾ ਆਰਥਿਕ ਬੋਝ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੇ ਹਿੱਤ ਵਿੱਚ ਜਲਦ ਫੈਸਲਾ ਲੈਣਾ ਚਾਹੀਦਾ ਹੈ। ਇਸ ਮੌਕੇ ਇੱਕਬਾਲ ਸਿੰਘ ਸੰਗੂ ਧੌਣ ਅਤੇ ਡਾਕਟਰ ਬੇਅੰਤ ਸਿੰਘ ਬਰਾੜ ਵੀ ਮੌਜੂਦ ਸਨ।