ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ
ਸਰਕਾਰ ਨੇ ਇਹ ਕਿਹੋ ਜੇ ਤਰੀਕੇ ਨਾਲ ਮੁਲਾਜ਼ਮ ਕੀਤੇ ਪੱਕੇ
Publish Date: Fri, 27 Feb 2026 04:56 PM (IST)
Updated Date: Fri, 27 Feb 2026 04:58 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : 20 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ’ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਵੱਲੋਂ ਕੀਤੀ ਕਲਮਛੋੜ ਹੜਤਾਲ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਬੀਤੇ ਕੱਲ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਮੁਲਾਜ਼ਮਾਂ ’ਤੇ ਪੁਲਿਸ ਵਿਚ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ, ਮੋਹਿਤ ਕੁਮਾਰ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਚੇਤਨ ਸ਼ਰਮਾ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਰਿੰਪਲ ਰਾਣੀ, ਰਮਨੀਤ ਕੌਰ, ਸਪਨਾ ਰਾਣੀ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਬੀਤੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10 ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 01.04.2018 ਤੋਂ ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੇਣ ਦੀ ਫਾਈਲ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੇ ਕਲਮ ਛੋੜ ਹੜਤਾਲ ਦੇ ਨਾਲ ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਅੱਜ ਚੌਥੇ ਦਿਨ ਵੀ ਜ਼ਾਰੀ ਰਿਹਾ। ਆਗੂਆਂ ਨੇ ਕਿਹਾ ਕਿ ਕੱਲ੍ਹ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਵਿਚ ਜੇਕਰ ਤਨਖਾਹ ਕਟੌਤੀ ਦਾ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲੋਂ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।