ਮੋਗਾ ਰੈਲੀ ਨੂੰ ਲੈ ਕੇ ਲੰਬੀ ਹਲਕੇ ’ਚ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ
ਮੋਗਾ ਰੈਲੀ ਨੂੰ ਲੈ ਕੇ ਲੰਬੀ ਹਲਕੇ ’ਚ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ
Publish Date: Tue, 10 Mar 2026 03:40 PM (IST)
Updated Date: Tue, 10 Mar 2026 03:42 PM (IST)

ਚੇਤਨ ਭੂਰਾ, ਪੰਜਾਬੀ ਜਾਗਰਣ ਲੰਬੀ : ਰਾਜ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ 14 ਮਾਰਚ ਨੂੰ ਮੋਗਾ ’ਚ ਕਰਵਾਈ ਜਾ ਰਹੀ ਬਦਲਾਅ ਰੈਲੀ ਨੂੰ ਲੈ ਕੇ ਬਾਦਲ ਪਰਿਵਾਰ ਦੇ ਗੜ੍ਹ ਮੰਨੇ ਜਾਂਦੇ ਲੰਬੀ ਵਿਧਾਨ ਸਭਾ ਹਲਕੇ ’ਚ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਆਗੂ ਅਤੇ ਵਰਕਰ ਪਿੰਡ-ਪਿੰਡ ਜਾ ਕੇ ਤਿਆਰੀਆਂ ਕਰ ਰਹੇ ਹਨ। ਹਲਕਾ ਇੰਚਾਰਜ ਐਡਵੋਕੇਟ ਮੋਹਨ ਲਾਲ ਗਰਗ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਰੈਲੀ ਵਿੱਚ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵੀ ਸ਼ਾਮਲ ਹੋ ਰਹੇ ਹਨ ਅਤੇ ਵਰਕਰਾਂ ਨੂੰ ਰੈਲੀ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਐਡਵੋਕੇਟ ਮੋਹਨ ਲਾਲ ਗਰਗ ਨੇ ਦੱਸਿਆ ਕਿ ਲੰਬੀ ਹਲਕੇ ਦੇ ਪਿੰਡਾਂ ’ਚ ਰੈਲੀ ਨੂੰ ਲੈ ਕੇ ਕਾਫੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ਹਲਕੇ ’ਚ ਭਾਜਪਾ ਦੇ ਕੁੱਲ ਪੰਜ ਮੰਡਲ ਹਨ ਅਤੇ ਹਰ ਮੰਡਲ ਤੋਂ ਪਾਰਟੀ ਵੱਲੋਂ ਤਿੰਨ-ਤਿੰਨ ਬੱਸਾਂ ਰੈਲੀ ਲਈ ਭੇਜੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਕੁੱਲ 15 ਬੱਸਾਂ ਰਾਹੀਂ ਵਰਕਰਾਂ ਨੂੰ ਮੋਗਾ ਲਿਜਾਇਆ ਜਾਵੇਗਾ। ਇਸਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਅਤੇ ਸਮਰਥਕ ਆਪਣੇ ਨਿੱਜੀ ਵਾਹਨਾਂ ਰਾਹੀਂ ਵੀ ਰੈਲੀ ’ਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰੈਲੀ ’ਚ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਵੇਖਣ ਨੂੰ ਮਿਲੇਗੀ। ਅਨੁਸੂਚਿਤ ਜਾਤੀ ਅਤੇ ਪਿੱਛੜੇ ਵਰਗਾਂ ਦੇ ਲੋਕਾਂ ਦੇ ਨਾਲ-ਨਾਲ ਵੱਡੀ ਗਿਣਤੀ ’ਚ ਕਿਸਾਨ ਵੀ ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਤੋਂ ਹੀ ਕਰੀਬ 1000 ਤੋਂ ਵੱਧ ਵਰਕਰ ਮੋਗਾ ਰੈਲੀ ’ਚ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਰੈਲੀ ਨੂੰ ਕਾਮਯਾਬ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ।