ਸੈਂਕੜੇ ਨਰੇਗਾ ਮਜ਼ਦੂਰਾ ਵੱਲੋਂ ਡੀਸੀ ਦਫਤਰ ਮੂਹਰੇ ਰੋਸ ਮੁਜ਼ਾਹਰਾ ਸੈਂਕੜੇ ਨਰੇਗਾ ਮਜ਼ਦੂਰਾ ਵੱਲੋਂ ਡੀਸੀ ਦਫਤਰ ਮੂਹਰੇ ਰੋਸ ਮੁਜ਼ਾਹਰਾ
Publish Date: Fri, 21 Aug 2026 06:18 PM (IST)
Updated Date: Fri, 21 Aug 2026 06:21 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਨਰੇਗਾ-ਕਮ-ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਇਸਤੋਂ ਬਾਅਦ ਮਜ਼ਦੂਰਾਂ ਨੇ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਤੇ ਧਰਨਾ ਦਿੱਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਦੇ ਨਾਂ ਆਪਣਾ ਅਧਿਕਾਰ ਪੱਤਰ ਸੌਂਪਿਆ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ ਨੇ ਆਖਿਆ ਕਿ ਸਰਕਾਰ ਨਰੇਗਾ ਅਤੇ ਗਰਾਮ ਜੀ ਯੋਜਨਾ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਰੇਗਾ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕੰਮ ’ਚ ਰੁਕਾਵਟ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪਾਰਦਰਸ਼ਤਾ ਨਾਲ ਲਾਗੂ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ ਬਕਾਏ, ਰੁਕੇ ਮਸਟਰੋਲਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਬੇਰੁਜ਼ਗਾਰੀ ਭੱਤੇ ਦੇ ਕੇਸਾਂ ਦਾ ਨਿਪਟਾਰਾ ਹਰਜਾਨੇ ਸਮੇਤ ਹੋਵੇ। ਕੰਮ ਦਾ ਸਮਾਂ 12 ਘੰਟੇ ਕਰਨ ਦੀ ਬਜਾਏ 6 ਘੰਟੇ ਰੱਖਿਆ ਜਾਵੇ। ਜਾਅਲੀ ਜੌਬ ਕਾਰਡਾਂ ਅਤੇ ਮਸਟਰੋਲਾਂ ’ਚ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਮਾਲਕਾਂ ਨੂੰ ਵੀ ਆਪਣੀ ਖੇਤੀ ’ਚ ਨਰੇਗਾ ਅਧੀਨ ਕੰਮ ਕਰਨ ਦਾ ਹੱਕ ਮਿਲੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਨਰੇਗਾ ਦਫਤਰਾਂ ਅਤੇ ਅਫਸਰਾਂ ਦਾ ਘਿਰਾਓ ਵੀ ਕਰਨਗੇ ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕਾਮਰੇਡ ਜਗਰੂਪ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਣਾ, ਜ਼ਿਲ੍ਹਾ ਸਕੱਤਰ ਹਰਲਾਭ ਸਿੰਘ, ਸੁਰਜੀਤ ਸਿੰਘ ਛੱਤਿਆਣਾ, ਬਲਬੀਰ ਸਿੰਘ ਕੋਠੇ ਦਸ਼ਮੇਸ਼, ਚਰਨਜੀਤ ਅਤੇ ਹੋਰ ਆਗੂ ਵੀ ਮੌਜੂਦ ਸਨ। ਨਰੇਗਾ ਵਿਰੋਧੀ ਕਰਮਚਾਰੀਆਂ ਖਿਲਾਫ ਹੋਵੇਗੀ ਕਾਰਵਾਈ : ਡੀਡੀਪੀਓ ਮੰਗ ਪੱਤਰ ਹਾਸਲ ਕਰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਰਿੰਦਰਪਾਲ ਸਿੰਘ ਢਿੱਲੋਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਬਾਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਨਾਲ ਜਲਦ ਮੀਟਿੰਗ ਕਰਵਾ ਕੇ ਹੱਲ ਕੱਢਿਆ ਜਾਵੇਗਾ। ਨਾਲ ਹੀ ਉਨ੍ਹਾਂ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਰਮਚਾਰੀ ਬਿਨਾਂ ਵਜ੍ਹਾ ਨਰੇਗਾ ਮਜ਼ਦੂਰਾਂ ਦਾ ਕੰਮ ਰੋਕੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।