- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨੀ ਲਈ ਖਤਰੇ ਦੀ ਘੰਟੀ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਭਾਰਤ ਅਮਰੀਕਾ ਟਰੇਡ ਸਮਝੌਤੇ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਆਪ ਦੇ ਐੱਮਐੱਲਏ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਵਜੋਂ ਅੱਜ ਪਿੰਡ ਬੂੜਾ ਗੁੱਜਰ ਤੇ ਲਬਾਣਿਆਂਵਾਲੀ ਵਿਖੇ ਤਿਆਰੀ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਤੇ ਜ਼ਿਲ੍ਹਾ ਆਗੂ ਦਵਿੰਦਰ ਸਿੰਘ ਲੁਬਾਣਿਆਂਵਾਲੀ ਨੇ ਕਿਹਾ ਖੇਤੀ ਖੇਤਰ ਨੂੰ ਸਾਮਰਾਜੀ ਦੇਸ ਅਮਰੀਕਾ ਲਈ ਖੋਲ੍ਹ ਕੇ ਬਾਹਰੋਂ ਸਸਤੇ ਖੇਤੀ ਉਤਪਾਦ ਲਿਆ ਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੌਤ ਦੇ ਵਾਰੰਟਾਂ ’ਤੇ ਦਸਤਖਤ ਕਰ ਦਿੱਤੇ ਹਨ। ਪਹਿਲਾਂ ਹੀ ਕਰਜ਼ੇ ਹੇਠ ਦੱਬੀ ਹੋਈ ਕਿਸਾਨੀ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਆਗੂਆਂ ਨੇ ਕਿਹਾ ਕਿ ਬੀਜ ਬਿੱਲ ਵੀ ਖੇਤੀ ਖੇਤਰ ਕਾਰਪੋਰੇਟ ਦੇ ਹਵਾਲੇ ਕਰਨ ਦੇ ਮਨਸੂਬੇ ਤਹਿਤ ਹੀ ਲਿਆਂਦਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਵੱਡੀ ਕਿਸਾਨੀ ਜਿਸ ਕੋਲ ਹਜ਼ਾਰਾਂ ਏਕੜਾਂ ਦੇ ਫਾਰਮ ਨੇ ਉਸ ਦੇ ਮੁਕਾਬਲੇ ਸਾਡੇ ਛੋਟੇ ਦਰਮਿਆਨੇ ਕਿਸਾਨ ਜਿਨ੍ਹਾਂ ਨੂੰ ਔਸਤਨ 3 ਕਿੱਲੇ ਜ਼ਮੀਨ ਆਉਂਦੀ ਹੈ, ਮੁਕਾਬਲਾ ਨਹੀਂ ਕਰ ਸਕਦੇ।
ਦੂਸਰੇ ਪਾਸੇ ਅਮਰੀਕੀ ਕਿਸਾਨਾਂ ਨੂੰ ਕਰੋੜਾਂ ਰੁਪਏ ਸਬਸਿਡੀਆਂ ਮਿਲਦੀਆਂ ਹਨ, ਜਦਕਿ ਭਾਰਤ ਦੇ ਕਿਸਾਨਾਂ ਨੂੰ ਚੰਦ ਰੁਪਏ ਸਬਸਿਡੀ ਮਿਲਦੀ ਹੈ। ਆਗੂਆਂ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਕਿਸਾਨਾਂ ਖ਼ਿਲਾਫ਼ ਕੋਈ ਫ਼ੈਸਲਾ ਨਹੀਂ ਕੀਤਾ ਜਾਵੇਗਾ, ਜਦਕਿ 19 ਅਗਸਤ ਨੂੰ ਕਪਾਹ ਨੂੰ ਟੈਰਿਫ਼ ਫ਼ਰੀ ਕਰ ਦਿੱਤਾ, ਜਿਸ ਨਾਲ ਭਾਰਤੀ ਕਿਸਾਨਾਂ ਦੀ ਕਪਾਹ ਅਗਲੇ ਦਿਨ ਹੀ 1100 ਰੁਪਏ ਹੇਠਾਂ ਚਲੀ ਗਈ ਅਤੇ 95% ਕਪਾਹ ਦਾ ਆਯਾਤ ਵਧਿਆ। ਜਿਸ ਕਰਕੇ ਭਾਰਤ ਦੇ ਲੱਖਾਂ ਕਪਾਹ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਉਜਾੜਾ ਤੈਅ ਹੋ ਗਿਆ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੇਬ ਅਤੇ ਡਰਾਈ ਫਰੂਟ ਨੂੰ ਵੀ ਟੈਰਿਫ ’ਚ ਵੱਡੀਆਂ ਰਿਆਇਤਾਂ ਦਿੱਤੀਆਂ ਹਨ ਅਤੇ ਹੁਣ ਸਮੁੱਚੇ ਖੇਤੀ ਖੇਤਰ ਨੂੰ ਸਾਮਰਾਜੀਆਂ ਲਈ ਖੋਲ੍ਹ ਕੇ ਸਰਕਾਰ ਨੇ ਮੁਲਕ ਦੇ ਕਰੋੜਾਂ ਕਿਸਾਨਾਂ ਦੀ ਮੌਤ ਦੇ ਵਾਰੰਟ ’ਤੇ ਦਸਤਖਤ ਕਰ ਦਿੱਤੇ ਹਨ ਕਿਸਾਨ ਆਗੂ ਜਸਪਾਲ ਸਿੰਘ ਬੂੜੇ ਗੁਜਰ ਸੁਖਮੰਦਰ ਸਿੰਘ ਬੂੜੇ ਗੁਜਰ ਨੇ ਕਿਹਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਕਿਸਾਨ ਅੰਦੋਲਨ ਲੜ ਕੇ ਖੇਤੀ ਕਾਨੂੰਨ ਰੱਦ ਕਰਾਏ ਸੀ ਉਸੇ ਤਰ੍ਹਾਂ ਕਿਸਾਨਾਂ ਨੂੰ ਅਮਰੀਕੀ ਸਾਮਰਾਜ ਅਤੇ ਭਾਰਤੀ ਹਾਕਮਾਂ ਦੇ ਖਿਲਾਫ਼ ਵੱਡੀ ਲਾਮਬੰਦੀ ਕਰਕੇ ਸੰਘਰਸ਼ ਦੇ ਮੈਦਾਨ ਵਿਚ ਉਤਰਨਾ ਪਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਬਿਜਲੀ ਤੇ ਬੀਜ ਬਿੱਲ, ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਆਪ ਸਰਕਾਰ ਦੇ ਐਮਐਲਏ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ 'ਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜੁਗਰਾਜ ਸਿੰਘ, ਹਰਮੀਤ ਸਿੰਘ, ਗੁਰਜੀਤ ਸਿੰਘ ਲੁਬਾਣਿਆਂਵਾਲੀ, ਬਲਜੀਤ ਸਿੰਘ ਝਬੇਲਵਾਲੀ ਆਦਿ ਹਾਜ਼ਰ ਸਨ।