ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡੀਸੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ
Publish Date: Wed, 18 Nov 2026 04:27 PM (IST)
Updated Date: Wed, 18 Nov 2026 04:30 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਕੁਦਰਤੀ ਸਰੋਤਾਂ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਸਾਹ ਲੈਣ ’ਚ ਦਿੱਕਤ, ਦਮਾ, ਅੱਖਾਂ ਵਿੱਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ’ਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ’ਚ ਵਾਹੁਣ ਨਾਲ ਮਿੱਟੀ ’ਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਨਮੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੇ ਨਾਲ-ਨਾਲ ਖੇਤੀ ਦੀ ਉਤਪਾਦਕਤਾ ’ਚ ਵੀ ਲੰਬੇ ਸਮੇਂ ਲਈ ਲਾਭ ਮਿਲਦਾ ਹੈ। ਇਸ ਲਈ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬੋਝ ਸਮਝਣ ਦੀ ਬਜਾਏ ਇਸ ਨੂੰ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਵਰਤਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਅਤੇ ਸਹਾਇਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨ ਇਨ੍ਹਾਂ ਦਾ ਲਾਭ ਲੈ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਕਿਸਾਨਾਂ, ਪ੍ਰਸ਼ਾਸਨ ਅਤੇ ਸਮਾਜ ਦੇ ਹਰੇਕ ਵਰਗ ਨੂੰ ਮਿਲ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।