ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੇਂਦਰ 'ਤੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਆਗੂਆਂ ਨੇ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਆਗੂਆਂ ਨੇ ਡੀਸੀ ਦਫ਼ਤਰ ਅੱਗੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ 'ਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ, ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਪ.ਸ.ਸ.ਫ (ਰਾਣਾ), ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਕੇਂਦਰੀ ਟਰੇਡ ਯੂਨੀਅਨ ਸੀਟੂ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ, ਆਲ ਇੰਡੀਆ ਕਿਸਾਨ ਸਭਾ ਦੇ ਆਗੂਆਂ ਮਨੋਹਰ ਲਾਲ ਸ਼ਰਮਾ, ਪਵਨ ਕੁਮਾਰ, ਤਰਸੇਮ ਲਾਲ, ਅੰਮਿ੍ਤਪਾਲ ਕੌਰ ਚਹਿਲ ਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰਾਂ ਦੀਆਂ ਉਜਰਤਾਂ ਵਿਚ ਪਿਛਲੇ ਅੱਠ ਸਾਲਾਂ ਤੋਂ ਸੋਧ ਨਹੀਂ ਕੀਤੀ ਗਈ ਤੇ ਘੱਟੋ-ਘੱਟ ਉਜ਼ਰਤ 21 ਹਜ਼ਾਰ ਰੁਪਏ ਕੀਤੀ ਜਾਵੇ, ਸੋਧੀਆਂ ਉਜ਼ਰਤਾਂ ਸਤੰਬਰ 2017 ਤੋਂ ਲਾਗੂ ਕੀਤੀਆਂ ਜਾਣ, ਮਹਿੰਗਾਈ ਭੱਤਾ ਸਬੰਧੀ ਲਾਗੂ ਕੀਤਾ 9 ਮਈ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ, ਕੰਮ ਦੇ ਘੰਟੇ ਪਹਿਲਾਂ ਦੀ ਤਰ੍ਹਾਂ ਹੀ ਅੱਠ ਘੰਟੇ ਹੀ ਕੀਤੇ ਜਾਣ, ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਹਰ ਤਰ੍ਹਾਂ ਦੇ ਨਿੱਜੀਕਰਨ ਨੂੰ ਠੱਲ ਪਾਈ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਲ 'ਚ 200 ਦਿਨ ਕੰਮ ਦਿੱਤਾ ਜਾਵੇ, ਬਿਜਲੀ ਬਿੱਲ 2020 ਵਾਪਸ ਲਿਆ ਜਾਵੇ, ਉਸਾਰੀ ਮਜ਼ਦੂਰਾਂ ਦੀਆਂ ਕਾਪੀਆਂ ਨਵਿਆਉਣ ਦਾ ਸਮਾਂ 31 ਦਸੰਬਰ 2020 ਤੱਕ ਕੀਤਾ ਜਾਵੇ, ਕੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਕੰਮ ਕਰ ਰਹੇ ਮਜ਼ਦੂਰਾਂ, ਮੁਲਾਜ਼ਮਾਂ, ਰੋਡਵੇਜ ਕਾਮਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਪੇਂਡੂ ਚੌਂਕੀਦਾਰਾਂ ਤੋਂ ਇਲਾਵਾ ਡਿਊਟੀ ਦੇ ਰਹੇ ਕਾਮਿਆਂ ਨੂੰ ਸੁਰੱਖਿਆ ਸਮਾਨ ਦਿੱਤਾ ਜਾਵੇ ਅਤੇ ਇਨ੍ਹਾਂ ਨੂੰ 50 ਲੱਖ ਰੁਪਏ ਬੀਮੇ ਦੇ ਘੇਰੇ ਵਿਚ ਲਿਆਂਦਾ ਜਾਵੇ, ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਕਿਸੇ ਵੀ ਮਜ਼ਦੂਰ ਜਾਂ ਮੁਲਾਜ਼ਮ ਨੂੰ ਕੰਮ ਤੋਂ ਨਾ ਹਟਾਇਆ ਜਾਵੇ। ਇਸ ਮੌਕੇ ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਨਛੱਤਰ ਸਿੰਘ, ਵਿਜੈ ਕੁਮਾਰ ਗੋਇਲ, ਵਰੀਪਾਲ ਕੌਰ, ਅਮਨਦੀਪ ਕੌਰ, ਖਰੈਤੀ ਲਾਲ, ਨੀਨਾ ਰਾਣੀ ਸੋਥਾ, ਕਮਲਦਾਸ, ਰੁਕਮਦਾਸ, ਸੁਬੇਗ ਸਿੰਘ ਤੇ ਧੰਨਾ ਸਿੰਘ ਹਾਜ਼ਰ ਸਨ।