ਸਾਂਝਾ ਮੁਲਾਜ਼ਮ ਮੰਚ ਵੱਲੋਂ ਅਰਥੀ ਫੂਕ ਮੁਜਾਹਰਾ ਸਾਂਝਾ ਮੁਲਾਜ਼ਮ ਮੰਚ ਵੱਲੋਂ ਅਰਥੀ ਫੂਕ ਮੁਜਾਹਰਾ
Publish Date: Thu, 22 Oct 2026 04:51 PM (IST)
Updated Date: Fri, 23 Oct 2026 04:01 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਮਹਾ ਹੜਤਾਲ ਦੂਸਰੇ ਦਿਨ ’ਚ ਸ਼ਾਮਲ ਹੋ ਚੁੱਕੀ ਹੈ, ਜਿਸਦੇ ਚਲਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀਐਸਐਮਐਸਯੂ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ, ਜਿਸਦੇ ਚਲਦਿਆਂ ਮੁੱਖ ਸਕੱਤਰ ਵੱਲੋਂ ਸਾਂਝਾਂ ਮੁਲਾਜ਼ਮ ਮੰਚ ਦੇ ਆਗੂਆਂ ਨਾਲ ਮੀਟਿੰਗ ਤਾਂ ਕੀਤੀ ਗਈ ਪ੍ਰੰਤੂ ਮੀਟਿੰਗ ’ਚ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਆਗੂਆਂ ਨੇ ਮੀਟਿੰਗ ਦਾ ਬਾਈਕਾਟ ਕਰਦਿਆਂ ਬਾਹਰ ਆ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਫਿਰ ਚਾਹੇ ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੋਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਹੋਵੇ, ਕੱਚੇ ਮੁਲਾਜ਼ਮ ਪੱਕੇ ਕਰਨੇ ਹੋਣ ਜਾਂ ਹੋਰ ਜਮਹੂਰੀ ਮੰਗਾਂ ਹੋਣ। ਸਰਕਾਰ ਕੇਵਲ ਖਜਾਨੇ ਨੂੰ ਇਸ਼ਤਿਹਾਰਬਾਜ਼ੀ ਤੇ ਹੀ ਲੁਟਾ ਰਹੀ ਹੈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਨੇ ਵੀ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਰੱਜ ਕੇ ਭੰਡਿਆ। ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਦੀ ਸਟੇਟ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਪ੍ਰੋਗਰਾਮ ਕੀਤਾ ਗਿਆ ਤੇ ਹੁਣ ਸਟੇਟ ਬਾਡੀ ਵੱਲੋਂ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ, ਜਿਸਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ, ਜਗਪ੍ਰੀਤ ਸਿੰਘ, ਬਲਰਾਜ, ਓਮਪਾਲ, ਹਰਭਜਨ ਸਿੰਘ, ਭੁਪਿੰਦਰ ਸਿੰਘ, ਵਿਪਨ ਕੁਮਾਰ, ਸੁਖਪਾਲ ਕੌਰ, ਨੇਹਾ, ਰਾਜਦੀਪ ਕੌਰ ਆਦਿ ਵੱਡੀ ਗਿਣਤੀ ’ਚ ਸਰਕਾਰੀ ਕਰਮਚਾਰੀ ਮੌਜੂਦ ਸਨ।