- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝਾ ਮੁਲਾਜ਼ਮ ਮੰਚ ਦੇ ਕਾਮਿਆਂ ਵੱਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 11 ਨੂੰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਜੂਝ ਰਹੀਆਂ ਵੱਖ-ਵੱਖ ਕਰਮਚਾਰੀ ਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਹੁਣ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਵੱਡਾ ਸੰਘਰਸ਼ ਉਲੀਕ ਲਿਆ ਹੈ ਜਿਸਦੇ ਚਲਦਿਆਂ ਸੂਬੇ ਭਰ ’ਚ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ ਤੇ ਪਿੱਟ ਸਿਆਪੇ ਕਰਦਿਆਂ ਘੜੇ ਭੱਨੇ ਜਾਣਗੇ। ਇਹ ਵਿਚਾਰ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ ਨੇ ਵੱਖ-ਵੱਖ ਜਥੇਬੰਦੀਆਂ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਇਸ ਮੀਟਿੰਗ ’ਚ ਕਰਮਜੀਤ ਸ਼ਰਮਾ, ਜਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ, ਪੁਸ਼ਪਿੰਦਰ ਸਿੰਘ ਜਨਰਲ ਸਕੱਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਦੀਪਕ ਕੁਮਾਰ ਜਿਲ੍ਹਾ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ ਪੀਐਸਪੀਸੀਐਲ ਤੋਂ ਜੁਗਿੰਦਰ ਸਿੰਘ, ਬਲਵੰਤ ਅਟਵਾਲ, ਗੌਰਮਿੰਟ ਟੀਚਰਜ਼ ਯੂਨੀਟਨ ਦੇ ਪਰਮਜੀਤ ਸਿੰਘ, ਕੁਲਬੀਰ ਜੋਸ਼ੀ, ਟੈਕਨੀਕਲ ਸਰਵਿਸਜ਼ ਯੂਨੀਅਨ ਪੀਐਸਪੀਸੀਐਲ ਦੇ ਗੁਰਸੇਵਕ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਤੇ ਜੀਵਨ ਸਿੰਘ, ਗੌਰਮਿੰਟ ਟੀਓਰਜ਼ ਯੁਨੀਅਨ ਦੇ ਜਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਪਵਨ ਕੁਮਾਰ, ਜਿਲ੍ਹਾ ਪ੍ਰਧਾਨ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅੰਗਰੇਜ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੁਖਵਿੰਦਰ ਸਿੰਘ ਦੋਦਾ ਤੇ ਹਰਮਨਜੀਤ ਸਿੰਘ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰਮਚਾਰੀ ਤੇ ਪੈਨਸ਼ਨਰ ਵਰਗ ਦੀਆਂ ਮੰਗਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਤੇ ਵਾਰ-ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਜਾਂ ਤਾਂ ਮੀਟਿੰਗਾਂ ਮੁਲਤਵੀ ਕਰ ਦਿੱਤੀਆਂ ਜਾਂਦੀਆਂ ਹਨ ਤੇ ਜਾਂ ਮੁਲਾਜਮਾਂ ਨੂੰ ਝੂਠੇ ਦਿਲਾਸੇ ਹੀ ਦਿੱਤੇ ਜਾਂਦੇ ਹਨ ਜਦਕਿ ਜਮੀਨੀ ਪੱਧਰ ਤੇ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਕਰਮਚਾਰੀ ਵਿਰੋਧੀ ਰਵੱਈਏ ਤੋਂ ਤੰਗ ਆ ਕੇ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਤਿਆਰ ਕੀਤਾ ਗਿਆ ਹੈ ਤੇ ਹੁਣ ਜਥੇਬੰਦੀਆਂ ਵੱਲੋਂ ਇੱਕ ਝੰਡੇ ਹੇਠ ਵੱਡਾ ਸੰਘਰਸ਼ ਲੜਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਵੱਲੋਂ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਲੰਬਿਤ ਕਿਸ਼ਤਾਂ ਜਾਰੀ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ, ਮੁਲਾਜ਼ਮ ਵਿਰੋਧੀ ਪੱਤਰਾਂ ਨੂੰ ਵਾਪਸ ਲੈਣਾ ਆਦਿ ਦੀ ਪੂਰਤੀ ਲਈ ਸੰਘਰਸ਼ ਉਲੀਕਿਆ ਗਿਆ ਹੈ, ਜਿਸਦੇ ਚਲਦਿਆਂ 7 ਜੁਲਾਈ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਜਦਕਿ 11 ਜੁਲਾਈ ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਮਲੋਟ ਵਿਖੇ ਸਥਿਤ ਰਿਹਾਇਸ਼ ਦਾ ਘਿਰਾਓ ਕਰਦਿਆਂ ਪਿੱਟ ਸਿਆਪਾ ਕੀਤਾ ਜਾਵੇਗਾ ਤੇ ਘੜੇ ਭੱਨੇ ਜਾਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।