- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਖੁੱਡੀਆਂ ਸਥਿਤ ਘਰ ਅੱਗੇ ਲਾਇਆ ਧਰਨਾ ਅੱਜ ਤੀਜੇ ਦਿਨ ’ਚ ਸ਼ਾਮਲ ਹੋ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦੇ ਅੱਠ ਹੋਰ ਮੰਤਰੀਆਂ ਦੇ ਘਰਾਂ ਅੱਗੇ ਵੀ 14 ਸਤੰਬਰ ਤੋਂ ਮੋਰਚੇ ਚੱਲ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਅਤੇ ਸੂਬਾ ਆਗੂ ਸਤਿਨਾਮ ਸਿੰਘ ਪੰਨੂੰ ਨੇ ਦੋਸ਼ ਲਾਇਆ ਕਿ ਸਰਕਾਰ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਅਣਦੇਖੀ ਦੀ ਨੀਤੀ ਅਪਣਾ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਐਲਾਨ ਮੁਤਾਬਕ ਕੱਲ੍ਹ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਮੰਗ ਕੀਤੀ ਕਿ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਐਮਐਸਪੀ ’ਤੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ, ਹੜ੍ਹਾਂ ਦੀ ਸਮੱਸਿਆ, ਡਿੱਗ ਰਹੇ ਪਾਣੀ ਦੇ ਪੱਧਰ ਅਤੇ ਪ੍ਰਦੂਸ਼ਣ ਲਈ ਠੋਸ ਨੀਤੀਆਂ ਬਣਾਈਆਂ ਜਾਣ, ਬੀਜ ਐਕਟ 2025, ਬਿਜਲੀ ਸੋਧ ਬਿੱਲ 2025, ਲੈਂਡ ਪੂਲਿੰਗ ਪਾਲਿਸੀ ਅਤੇ ਪ੍ਰੀਪੇਡ ਮੀਟਰ ਰੱਦ ਕੀਤਾ ਜਾਵੇ, ਕਿਸਾਨੀ ਅੰਦੋਲਨਾਂ ਤੇ ਪਰਾਲੀ ਸਬੰਧੀ ਦਰਜ ਕੀਤੇ ਪੁਲਿਸ/ਰੇਲਵੇ ਪਰਚੇ ਰੱਦ ਕੀਤੇ ਜਾਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿੱਤਾ ਜਾਵੇ, ਵਾਹਗਾ ਸਰਹੱਦ ਰਾਹੀਂ ਵਪਾਰ ਖੋਲ੍ਹਣਾ ਅਤੇ ਬਿਨਾਂ ਸਹਿਮਤੀ ਮੈਪਿੰਗ/ਸਰਵੇਖਣ ਬੰਦ ਕੀਤਾ ਜਾਵੇ।