ਕੈਬਨਿਟ ਮੰਤਰੀ ਦੇ ਘਰ ਅੱਗੇ 22 ਦੇ ਧਰਨੇ ਨੂੰ ਲੈ ਕੇ ਕੀਤੀ ਲਾਮਬੰਦੀ
ਕੈਬਨਿਟ ਮੰਤਰੀ ਦੇ ਘਰ ਅੱਗੇ 22 ਦੇ ਧਰਨੇ ਨੂੰ ਲੈ ਕੇ ਮਜ਼ਦੂੁਰ ਆਗੂਆਂ ਨੇ ਪਿੰਡ ਚੜ੍ਹੇਵਾਨ ’ਚ ਕੀਤੀ ਲਾਮਬੰਦੀ
Publish Date: Tue, 17 Feb 2026 04:15 PM (IST)
Updated Date: Tue, 17 Feb 2026 04:18 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੀਆਂ ਦਰਜਨਾਂ ਮਜ਼ਦੂਰ ਕਿਸਾਨ ਮੁਲਾਜ਼ਮ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਪੰਜਾਬ ਭਰ ’ਚ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਮਲੋਟ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁਕਤਸਰ ਬਲਾਕ ਦੇ ਪਿੰਡ ਚੜ੍ਹੇਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਆਖਿਆ ਕਿ 22 ਫਰਵਰੀ ਨੂੰ ਮਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰ ਕੇ ਮਨਰੇਗਾ ਨੂੰ ਬਹਾਲ ਕਰਨ, ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਲਾਇਆ ਆਮ ਆਦਮੀ ਪਾਰਟੀ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ ਤੇ ਜ਼ੁਲਮ ਢਾਹ ਰਹੀਆਂ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੀ ਸਰਕਾਰ ਜੀ ਰਾਮ ਜੀ ਕਾਨੂੰਨ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਦੇਣ ਦੇ ਫਰੋਬੀ ਐਲਾਨਾਂ ਰਾਹੀਂ ਮਜ਼ਦੂਰਾਂ ਨੂੰ ਮਨਰੇਗਾ ਚ ਮਿਲਦਾ ਨਾਂਮਾਤਰ ਰੋਜ਼ਗਾਰ ਵੀ ਖੋਹਣ ਤੇ ਉਤਰ ਆਈ ਹੈ ਤੇ ਬਿਜਲੀ ਦੇ ਮੁਕੰਮਲ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਤੋਂ ਬਿਜਲੀ ਖੋਹ ਕੇ ਉਨ੍ਹਾਂ ਦੇ ਘਰਾਂ ਚ ਹਨੇਰਾ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਕਦਮਾਂ ਦੇ ਚਲਦਿਆਂ ਬਿਜਲੀ ਪ੍ਰਾਈਵੇਟ ਹੱਥਾਂ ਚ ਦੇਣ ਲਈ ਤਤਪਰ ਹੁੰਦਿਆਂ ਸਰਕਾਰੀ ਅਦਾਰੇ ਵਿੱਚ ਪ੍ਰੀਪੇਡ ਮੀਟਰ ਰਾਹੀਂ ਬਿਜਲੀ ਲਾਗੂ ਕਰ ਰਹੀ ਹੈ ਤੇ ਸਾਂਝੀਆਂ ਜਨਤਕ ਜਾਇਦਾਦਾਂ ਨੂੰ ਵੇਚਣ ਦੇ ਰਾਹ ਤੇ ਚਲ ਰਹੀ ਹੈ। ਉਨਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਮਜ਼ਦੂਰਾਂ ਨਾਲ ਕੀਤੇ ਵਾਅਦੇ ਔਰਤਾਂ ਦੇ ਬੈਂਕ ਖਾਤਿਆਂ ਚ 1100 ਰੁਪਏ ਪਾਉਣ, ਬੁਢਾਪਾ ਵਿਧਵਾ ਅੰਗਹੀਣ,ਆਸ਼ਰਿਤ ਪੈਨਸ਼ਨ 2500 ਕਰਨ ਵਰਗੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ ਇਸ ਲਈ ਜਿੱਥੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣੇ ਉਥੇ ਲੋਕ ਵਿਰੋਧੀ ਨੀਤੀਆਂ ਤੇ ਚੱਲਣ ਵਾਲੀ ਆਪ ਦੇ ਮੰਤਰੀ ਬਲਜੀਤ ਕੌਰ ਦੇ ਘਰ ਅੱਗੇ 22 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਜਨਤਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਮਜ਼ਦੂਰ ਵੱਡੀ ਗਿਣਤੀ ਵਿੱਚ ਪਹੁੰਚਣਗੇ। ਇਸ ਸਮੇਂ ਗੁਰਮੀਤ ਸਿੰਘ, ਕਰਮਜੀਤ ਕੌਰ, ਸੀਮਾਂ ਕੌਰ ਆਦਿ ਆਗੂ ਵੀ ਹਾਜ਼ਰ ਸਨ।