ਮਜ਼ਦੂਰ ਜਥੇਬੰਦੀਆਂ ਨੇ ਡੀਸੀ ਦਫਤਰ ਅੱਗੇ ਦਿੱਤਾ ਧਰਨਾ
ਮਜ਼ਦੂਰ ਜਥੇਬੰਦੀਆਂ ਨੇ ਡੀਸੀ ਦਫਤਰ ਅੱਗੇ ਦਿੱਤਾ ਰੋਹ ਭਰਪੂਰ ਵਿਸ਼ਾਲ ਧਰਨਾ
Publish Date: Tue, 06 Jan 2026 06:13 PM (IST)
Updated Date: Tue, 06 Jan 2026 06:14 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਸੈਂਕੜੇ ਔਰਤਾਂ ਤੇ ਪੁਰਸ਼ਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਪੱਖੀ ਅਤੇ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ ਜੀ ਰਾਮ ਜੀ ਕਾਨੂੰਨ ਲਿਆਉਣ ਰਾਹੀਂ ਕਿਰਤੀਆਂ ਦੇ ਚੁੱਲ੍ਹੇ ਠੰਢੇ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਕੇ ਮਜ਼ਦੂਰਾਂ ਕਿਸਾਨਾਂ ਤੇ ਗਰੀਬ ਲੋਕਾਂ ਦੇ ਘਰਾਂ ਚ ਹਨੇਰਾ ਕਰਨ ਜਾ ਰਹੀ ਹੈ ਅਤੇ ਕਿਰਤ ਕਾਨੂੰਨਾਂ ਚ ਸੋਧਾ ਕਰਕੇ ਮਜ਼ਦੂਰ ਵਰਗ ਨੂੰ ਮਿਲਦੀ ਨਾਮਾਤਰ ਸੁਰੱਖਿਆ ਦਾ ਭੋਗ ਪਾਉਣ ਵਰਗੀਆਂ ਨੀਤੀਆਂ ਲਾਗੂ ਕਰ ਰਹੀ ਹੈ। ਅੱਜ ਦੇ ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਜਗਜੀਤ ਸਿੰਘ ਜੱਸੇਆਣਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੇਜ਼ਰ ਸਿੰਘ ਸੀਰਵਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਾਨਕ ਚੰਦ ਬਜਾਜ ਤੋਂ ਇਲਾਵਾ ਕਾਲਾ ਸਿੰਘ ਖੂਨਣ ਖੁਰਦ, ਹਰਜੀਤ ਸਿੰਘ ਮਦਰੱਸਾ,ਤੋਤਾ ਸਿੰਘ, ਗਿਆਨ ਸਿੰਘ ਝਬੇਲਵਾਲੀ, ਬੋਹੜ ਸਿੰਘ ਸੁਖਨਾ, ਮਹਿੰਗਾ ਰਾਮ ਦੋਦਾ, ਕਰਮਜੀਤ ਕੌਰ ਲੱਕੜਵਾਲਾ, ਲਖਵੀਰ ਸਿੰਘ ਤੇ ਕਾਕਾ ਸਿੰਘ ਖੁੰਡੇ ਹਲਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੀਆਂ ਸਮੂਹ ਜਨਤਕ ਜਥੇਬੰਦੀਆਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਚ ਵਧ ਚੜ੍ਹ ਕੇ ਸ਼ਾਮਲ ਹੋਣ।