ਮੰਡੀਆਂ ’ਚ ਲਿਫਟਿੰਗ ਦੇ ਕੰਮ ’ਚ ਲਿਆਂਦੀ ਜਾਵੇ ਤੇਜ਼ੀ
ਮੰਡੀਆਂ ’ਚ ਲਿਫਟਿੰਗ ਦੇ ਕੰਮ ’ਚ ਲਿਆਂਦੀ ਜਾਵੇ ਤੇਜ਼ੀ: ਡਿਪਟੀ ਕਮਿਸ਼ਨਰ
Publish Date: Sat, 21 Nov 2026 05:07 PM (IST)
Updated Date: Sun, 22 Nov 2026 04:02 AM (IST)
-ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 9,48,635.7 ਮੀਟ੍ਰਿਕ ਟਨ ਝੋਨੇ ਦੀ ਆਮਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਦੇ ਨਾਲ ਹੀ ਅਦਾਇਗੀ ਦੇ ਕੰਮ ਨੂੰ ਵੀ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਅਤੇ ਲਗਾਤਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ, ਖਰੀਦ ਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਨਵੰਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 9,48,635.7 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 9,35,077.03 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 7,65,406.96 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।