ਜਗਸੀਰ ਛੱਤਿਆਣਾ, ਗਿੱਦੜਬਾਹਾ : ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਜ਼ਿਲ੍ਹਾ ਪ੍ਰਧਾਨ ਅ੍ੰਮਿਤਪਾਲ ਕੌਰ ਚਹਿਲ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਸਮਰਥਨ ਨਾਲ ਰੇਲਵੇ ਦੇ ਨਿੱਜੀਕਰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਰੇਲਵੇ ਦੇ ਨਿੱਜੀਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕੋਰੋਨਾ ਦੀ ਆੜ ਵਿਚ ਸਰਕਾਰੀ ਕੰਪਨੀਆਂ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਰੇਲਵੇ ਸਮੇਤ ਜਨਤਕ ਖੇਤਰ ਨੂੰ ਕੌਡੀਆਂ ਦੇ ਭਾਅ ਬਹੁਕੌਮੀ ਕੰਪਨੀਆਂ ਅਤੇ ਆਪਣੇ ਚਹੇਤਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਦੇਸ਼ ਦੀ ਆਰਥਿਕ ਸਥਿਤੀ ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਦੇਸ਼ ਭਰ ਵਿਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਵਿਤਾ ਰਾਣੀ ਫ਼ਕਰਸਰ, ਵੀਰਪਾਲ ਕੌਰ, ਕਿਰਨਪਾਲ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਰਜੀਤ ਕੌਰ, ਨੱਥੂ ਰਾਮ, ਰਾਜ ਕੁਮਾਰ, ਰਾਜਾ ਸਿੰਘ, ਲਛਮਣ ਸਿੰਘ ਆਦਿ ਮੌਜੂਦ ਸਨ।