ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਅਧਿਕਾਰ ਦਿਵਸ ਮੌਕੇ ਆਂਗਨਵਾੜੀ ਇੰਪਲਾਇਜ਼ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਲਈ ਆਪਣੇ ਘਰਾਂ 'ਚ ਹੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ। ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ 1975 'ਚ ਆਈਸੀਡੀਐਸ ਸਕੀਮ ਸ਼ੁਰੂ ਕਰਕੇ ਦੇਸ ਭਰ 'ਚ ਆਂਗਣਵਾੜੀ ਸੈਂਟਰ ਖੋਲ੍ਹੇ ਗਏ ਸਨ ਤੇ ਹੁਣ ਦੇਸ ਭਰ 'ਚ ਕਰੀਬ 28 ਲੱਖ ਆਂਗਣਵਾੜੀ ਸੈਂਟਰ ਚੱਲ ਰਹੇ ਹਨ ਪਰ 45 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਨਹੀਂ ਦਿੱਤਾ ਗਿਆ। ਹਰਗੋਬਿੰਦ ਕੌਰ ਨੇ ਕਿਹਾ ਕਿ ਆਪਣਾ ਹੱਕ ਲੈਣ ਲਈ ਜਥੇਬੰਦੀ ਲਗਾਤਾਰ ਸੰਘਰਸ ਕਰ ਰਹੀ ਹੈ ਪਰ ਸਰਕਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀਆਂ ਹਨ ਤੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਚਿਰ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਨ੍ਹਾਂ ਚਿਰ ਘੱਟੋ-ਘੱਟ ਉਜਰਤਾਂ ਨੂੰ ਮੁੱਖ ਰੱਖਦਿਆਂ ਆਂਗਣਵਾੜੀ ਵਰਕਰਾਂ ਨੂੰ 24 ਹਜ਼ਾਰ ਰੁਪਏ ਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਹਰ ਮਹੀਨੇ ਦਿੱਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫਰੰਟ ਲਾਈਨ ਵਰਕਰ ਦੇ ਤੌਰ 'ਤੇ ਕੰਮ ਕੀਤਾ ਹੈ, ਪਰ ਇਥੇ ਵੀ ਸਰਕਾਰ ਨੇ ਉਨ੍ਹਾਂ ਨਾਲ ਵਿਤਕਰਾ ਕੀਤਾ ਹੈ ਤੇ ਉਨ੍ਹਾਂ ਦਾ 50 ਲੱਖ ਰੁਪਏ ਦਾ ਸਿਹਤ ਬੀਮਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸਾਡਾ ਬਣਦਾ ਹੱਕ ਨਹੀਂ ਦਿੰਦੀ, ਉਦੋਂ ਤੱਕ ਸੰਘਰਸ ਜਾਰੀ ਰੱਖਿਆ ਜਾਵੇਗਾ।