ਦਵਿੰਦਰ ਬਾਘਲਾ, ਦੋਦਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਭਲਾਈਆਣਾ, ਧੁਲਕੋਟ, ਮੱਲਣ, ਕਾਉਣ, ਕੋਠੇ ਨਾਈ ਵਾਲੇ, ਕੋਠੇ ਹਜੂਰੇ ਵਾਲੇ, ਕੋਠੇ ਫੁੰਮਣ ਸਿੰਘ ਵਾਲੇ, ਕੋਠੇ ਢਾਬਾਂ, ਬੁੱਟਰ ਸ਼ਰੀਂਹ, ਅਮਨਗੜ੍ਹ, ਗੁੜੀ ਸੰਘਰ ਆਦਿ 'ਚ ਝੰਡਾ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਕੋਰੋਨਾ ਦੀ ਆੜ ਵਿੱਚ ਮੋਦੀ ਹਕੂਮਤ ਵੱਲੋਂ ਜਾਰੀ ਤਿੰਨ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਵਿਰੁੱਧ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ 15 ਤੋਂ 21 ਅਗਸਤ ਤੱਕ ਪਿੰਡਾਂ ਵਿੱਚ ਪੁੱਜਣ ਵਾਲੇ ਅਕਾਲੀ ਭਾਜਪਾ ਦੇ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਵੜ੍ਹਣ ਤੋਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਸੁੱਚਾ ਸਿੰਘ ਨੇ ਦੱਸਿਆ ਕਿ ਫੈਸਲਿਆਂ ਅਨੁਸਾਰ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਦੇ ਮੁੱਖ ਰਸਤਿਆਂ ਤੇ ਬੈਨਰ ਲਟਕਾ ਕੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ਤੇ ਪਹਿਰਾ ਸਕੂਐਡ ਤਾਇਨਾਤ ਕੀਤੀ ਜਾਵੇਗੀ ਅਤੇ ਪਿੰਡਾਂ 'ਚ ਆਉਣ ਵਾਲੇ ਅਕਾਲੀ-ਭਾਜਪਾ ਆਗੂਆਂ ਤੋਂ ਸਵਾਲ ਕੀਤੇ ਜਾਣਗੇ। ਉਨ੍ਹਾਂ ਪੰਜਾਬ ਭਰ ਦੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵੱਡੇ ਆਰਥਿਕ ਅਤੇ ਜਾਬਰ ਹਮਲੇ ਨੂੰ ਪੂਰੀ ਤਰ੍ਹਾਂ ਠੱਲਣ ਲਈ ਪਰਿਵਾਰਾਂ ਸਮੇਤ ਸੰਘਰਸ਼ ਦੇ ਮੈਦਾਨ 'ਚ ਕੁੱਦਣ।