ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਖਾਲਸਾ ਸਕੂਲ ਰੋਡ ਸਥਿਤ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਦੇ ਗ੍ਹਿ ਵਿਖੇ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਪਹੰੁਚੇ। ਇਸ ਤੋਂ ਬਾਅਦ ਵਿਧਾਇਕ ਵੱਲੋਂ ਬਾਰਿਸ਼ ਦੇ ਪਾਣੀ ਨਾਲ ਪ੍ਰਭਾਵਿਤ ਪਿੰਡ ਉਦੇਕਰਨ ਤੇ ਥਾਂਦੇਵਾਲਾ ਦੀਆਂ ਢਾਣੀਆਂ ਦਾ ਦੌਰਾ ਕਰਨ ਉਪਰੰਤ ਸੂਬਾ ਸਰਕਾਰ ਦੇ ਨਾਮ ਡੀ.ਸੀ ਐਮ.ਕੇ ਅਰਾਵਿੰਦ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ, ਸਿਮਰਜੀਤ ਸਿੰਘ ਬਰਾੜ, ਸੁਖਜਿੰਦਰ ਸਿੰਘ ਕਾਉਣੀ, ਦਿਲਬਾਗ ਸਿੰਘ ਬਰਾੜ, ਜਗਮੋਹਨ ਸਿੰਘ ਸੁਖਨਾ, ਜਗਮੇਲ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਖਿਆ ਕਿ ਅੱਜ ਜਿਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ ਚੱਲ ਰਹੇ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਨਾਗਰਿਕਾਂ ਨੂੰ ਵੱਖ-ਵੱਖ ਰਿਆਇਤਾਂ ਜ਼ਰੀਏ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਮਦਦ ਕਰਨ 'ਚ ਯਤਨਸ਼ੀਲ ਹਨ, ਉਥੇ ਹੀ ਪੰਜਾਬ ਦਾ ਕਿਸਾਨ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਉਦੇਕਰਨ ਤੋਂ ਇਲਾਵਾ ਮਲੋਟ ਅਤੇ ਲੰਬੀ ਹਲਕੇ 'ਚ ਮੀਂਹ ਦੇ ਪਾਣੀ ਨਾਲ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਪ੍ਰੰਤੂ ਸਰਕਾਰ ਨੇ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਤਾਂ ਕੀ ਫਸਲਾਂ ਦੀ ਗਿਰਦਾਵਰੀ ਵੀ ਨਹੀਂ ਕਰਵਾਈ ਗਈ। ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਖਿਆ ਕਿ ਅਜਿਹੇ ਮਸਲੇ ਉਹ ਵਿਧਾਨ ਸਭਾ 'ਚ ਵੀ ਚੁੱਕਣਗੇ। ਇਸ ਮੌਕੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਵਾਅਦਾ ਕੀਤਾ ਸੀ ਕਿ ਕੁਦਰਤੀ ਬਿਪਤਾ ਨਾਲ ਫਸਲਾਂ ਦਾ ਨੁਕਸਾਨ ਹੋਣ ਦੀ ਸੂਰਤ 'ਚ ਪ੍ਰਭਾਵਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਸਪੈਸ਼ਲ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੋਈ ਹੁਕਮ ਨਹੀਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਉਦੇਕਰਨ ਅਤੇ ਪਿੰਡ ਥਾਂਦੇਵਾਲਾ 'ਚ ਹਰ ਵਾਰ ਬਾਰਿਸ਼ ਦੇ ਪਾਣੀ ਨਾਲ ਘਰ ਅਤੇ ਝੋਨੇ ਦੀ ਫ਼ਸਲ ਡੁੱਬ ਜਾਂਦੀ ਹੈ ਜਿਸ ਦਾ ਕੋਈ ਪੱਕਾ ਹੱਲ ਕੀਤਾ ਜਾਵੇ ਤਾਕਿ ਲੋਕਾਂ ਨੂੰ ਸਮੱਸਿਆ ਤੋਂ ਨਿਜਾਤ ਮਿਲ ਸਕੇ। ਜੇ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਮੋਰਚਾ ਖੋਲ੍ਹੇਗੀ। ਇਸ ਦੌਰਾਨ ਡੀ.ਸੀ ਐਮ.ਕੇ ਅਰਾਵਿੰਦ ਕੁਮਾਰ ਨੇ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਟੀਮਾਂ ਨੂੰ ਭੇਜ ਕੇ ਸਪੈਸ਼ਲ ਗਿਰਦਾਵਰੀ ਕਰਵਾਉਣਗੇ ਅਤੇ ਪਿੰਡ ਉਦੇਕਰਨ ਦੀ ਸਮੱਸਿਆ ਨੂੰ ਲੈ ਕੇ ਉਹ ਵੀ ਬਹੁਤ ਗੰਭੀਰ ਹਨ ਅਤੇ ਜਲਦ ਹੀ ਇਸ ਸਮੱਸਿਆ ਤੋਂ ਛੁਟਕਾਰਾ ਦੁਆਉਣ ਲਈ ਉਹ ਯਤਨਸ਼ੀਲ ਹੋਣਗੇ। ਇਸ ਮੌਕੇ ਅਮਰਧੀਰ ਸਿੰਘ ਮਾਨ, ਸ਼ੇਰਜੰਗ ਸਿੰਘ, ਹਰਜਿੰਦਰ ਸਿੰਘ ਿਢਲਵਾਂਕਲਾ, ਹਰਮਨ ਸਿੰਘ ਅਜਿੱਤਗਿਲ, ਸ਼ਮਸ਼ੇਰ ਸਿੰਘ ਵੜਿੰਗ, ਸਲਵਿੰਦਰ ਸ਼ਰਮਾ ਆਦਿ ਹਾਜ਼ਰ ਸਨ।