ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 15 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਦਕਿ ਮਲੋਟ ਨਿਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ 30 ਹੋਰ ਵਿਅਕਤੀ ਠੀਕ ਹੋ ਕੇ ਘਰ ਪਰਤ ਗਏ ਹਨ। ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪਾਜੇਟਿਵ 60 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ ਕੋਰੋਨਾ ਪਾਜ਼ੇਟਿਵ 15 ਵਿਅਕਤੀਆਂ 'ਚੋਂ 6 ਸ੍ਰੀ ਮੁਕਤਸਰ ਸਾਹਿਬ, 2 ਮਲੋਟ, 2 ਗਿੱਦੜਬਾਹਾ, 3 ਫੱਤਾ ਖੇੜਾ, 1-ਫੁੱਲੂ ਖੇੜਾ ਅਤੇ 1 ਪਾਜ਼ੇਟਿਵ ਕੇਸ ਪਿੰਡ ਬਾਦੀਆਂ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚੋਂ ਸ਼ੁੱਕਰਵਾਰ ਨੂੰ 30 ਹੋਰ ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤ ਗਏ ਹਨ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 164 ਰਹਿ ਗਈ ਹੈ। ਜ਼ਿਲ੍ਹੇ ਭਰ 'ਚੋਂ ਹੁਣ ਤੱਕ ਕੁਲ 45713 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 42504 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ 'ਚੋਂ ਹੁਣ ਤੱਕ ਕੁੱਲ 2693 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲ੍ਹੇ 'ਚ 266 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ 'ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।