ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 15 ਦਿਨਾਂ ’ਚ 101 ਮਾਮਲੇ ਦਰਜ, 148 ਕਾਬੂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ
Publish Date: Wed, 07 Oct 2026 04:37 PM (IST)
Updated Date: Wed, 07 Oct 2026 04:38 PM (IST)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਠੋਸ ਅਤੇ ਸਖ਼ਤ ਕਾਰਵਾਈ ਕੀਤੀ ਹੈ। ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਪਿਛਲੇ 15 ਦਿਨਾਂ ਦੌਰਾਨ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ 101 ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ’ਚ 148 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹੇ ’ਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿੱਥੇ ਚੌਕਸੀ ਵਧਾਈ ਗਈ ਹੈ, ਉੱਥੇ ਹੀ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀ ਧੜਪਕੜ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ 44 ਗ੍ਰਾਮ, ਪੋਸਤ 09 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ 1,646 ਅਤੇ ਨਸ਼ੀਲੇ ਕੈਪਸੂਲ 300 ਬਰਾਮਦ ਕੀਤੇ ਹਨ। ਐਸਐਸਪੀ ਅਭਿਮੰਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਦੀ ਇਹ ਕਾਰਵਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਹੀ ਸੀਮਿਤ ਨਹੀਂ ਹੈ। ਐਨਡੀਪੀਐਸ ਐਕਟ ਅਧੀਨ ਗੰਭੀਰ ਦੋਸ਼ਾਂ ’ਚ ਸ਼ਾਮਲ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਚੱਲ-ਅਚੱਲ ਸੰਪਤੀ ਦੀ ਜਾਂਚ ਕੀਤੀ ਜਾ ਰਹੀ ਹੈ। ਵੈਰੀਫਿਕੇਸ਼ਨ ਤੋਂ ਬਾਅਦ ਇਹ ਜਾਇਦਾਦਾਂ ਕੰਪਟੈਂਟ ਅਥਾਰਟੀ ਰਾਹੀਂ ਫਰੀਜ਼ ਕਰਵਾਉਣ ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸਤੋਂ ਇਲਾਵਾ, ਨਸ਼ੇ ਦੀ ਗ੍ਰਿਫ਼ਤ ’ਚ ਆਏ ਵਿਅਕਤੀਆਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਦਾ ਇਲਾਜ ਅਤੇ ਕਾਉਂਸਲਿੰਗ ਵੀ ਕਰਵਾਈ ਜਾ ਰਹੀ ਹੈ। ਐਸਐਸਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਇੱਕ ਸਾਂਝੀ ਲੜਾਈ ਹੈ ਅਤੇ ਇਸ ’ਚ ਸਮਾਜ ਦਾ ਸਹਿਯੋਗ ਅਤੀ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਸੇਫ ਪੰਜਾਬ ਹੈਲਪਲਾਈਨ 97791-00200, ਪੁਲਿਸ ਕੰਟਰੋਲ ਰੂਮ 80549-42100 ’ਤੇ ਸਾਂਝੀ ਕੀਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।