- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਵੱਡਾ ਐਕਸ਼ਨ-

-ਸ਼ਰਾਰਤੀ ਅਨਸਰਾਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ : ਡੀਆਈਜੀ
ਭੰਵਰਾ\ਗਿੱਲ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ :
ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸੰਜੀਵ ਕੁਮਾਰ ਰਾਮਪਾਲ ਡੀਆਈਜੀ ਏਐਨਟੀਐਫ ਐਂਡ ਕਮਾਂਡੋ ਦੀ ਨਿਗਰਾਨੀ ਅਤੇ ਅਭਿਮੰਨਿਊ ਰਾਣਾ ਆਈਪੀਐਸ, ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਮਨਮੀਤ ਸਿੰਘ ਢਿੱਲੋਂ ਐਸਪੀ (ਡੀ), ਹਰਕਮਲ ਕੌਰ ਐਸਪੀ (ਐਚ) ਅਤੇ ਸਮੂਹ ਡੀਐਸਪੀਜ਼ ਦੀ ਨਿਗਰਾਨੀ ਹੇਠ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਹਨਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਨਾਕਾਬੰਦੀ ਅਤੇ ਪੈਦਲ ਗਸ਼ਤਾਂ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੀਨਿਅਸ ਕਰਾਈਮ ’ਚ ਸ਼ਾਮਲ ਅਤੇ ਵਾਰ-ਵਾਰ ਜੁਰਮ ਕਰਨ ਵਾਲੇ ਵਿਅਕਤੀਆਂ ’ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ।
ਚੈਕਿੰਗ ਦੌਰਾਨ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਣ ’ਤੇ ਜਾਂ ਕੋਈ ਇਤਰਾਜ਼ਯੋਗ ਵਸਤੂ ਮਿਲਣ ’ਤੇ ਸਬੰਧਤ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ’ਚ ਫੁੱਟ ਪੈਟਰੋਲਿੰਗ ਵਧਾਈ ਗਈ ਹੈ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੈਸ ਐਪ ਅਤੇ ਵਹੀਕਲ ਐਪ ਦੇ ਜ਼ਰੀਏ ਵਿਅਕਤੀਆਂ ਅਤੇ ਵਾਹਨਾਂ ਦੀ ਤਸਦੀਕ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਪਰਾਧਿਕ ਤੱਤ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ। ਇਸ ਮੁਹਿੰਮ ਤਹਿਤ ਅੱਜ ਮਿਤੀ 19.03.2026 ਤੱਕ 15 ਮੁਕੱਦਮੇ ਦਰਜ ਕਰਕੇ 21 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਪਾਸੋਂ 47 ਗ੍ਰਾਮ ਹੈਰੋਇਨ, 205 ਨਸ਼ੀਲੀਆਂ ਗੋਲੀਆਂ, 50 ਪਰੇਗਾ ਕੈਪਸੂਲ ਬਰਾਮਦ ਕੀਤੇ ਗਏ ਹਨ। ਡੀਆਈਜੀ ਨੇ ਕਿਹਾ ਕਿ ਇਹ ਮੁਹਿੰਮ ਅਪਰਾਧਿਕ ਤੱਤਾਂ ਖ਼ਿਲਾਫ਼ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਾਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ ਅਤੇ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਪੁਲਿਸ ਵੱਲੋਂ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਬਿਨਾ ਪੁਸ਼ਟੀ ਕੀਤੀਆਂ ਖ਼ਬਰਾਂ ਸਾਂਝੀਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਸਮਾਜ ’ਚ ਕਿਸੇ ਤਰ੍ਹਾਂ ਦੀ ਗਲਤਫਹਿਮੀ ਨਾ ਫੈਲੇ। ਪੰਜਾਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਡਰੱਗ ਪੈਡਲਰ ਜਾਂ ਸਮੱਗਲਰ ਬਾਰੇ ਜਾਣਕਾਰੀ ਹੋਵੇ ਤਾਂ ਹੈਲਪਲਾਈਨਾਂ ‘ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੰਜਾਬ ਸਰਕਾਰ ਦੀ ਐਂਟੀ ਡਰੱਗ ਪਾਲਿਸੀ ਤਹਿਤ ਜਾਣਕਾਰੀ ਦੇਣ ’ਤੇ ਹੋਈ ਰਿਕਵਰੀ ਦੇ ਅਧਾਰ ‘ਤੇ ਇਨਾਮ ਦਿੱਤਾ ਜਾ ਰਿਹਾ ਹੈ ਅਤੇ ਹੁਣ ਤੱਕ ਲਗਭਗ 2 ਕਰੋੜ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਜਾਣਕਾਰੀ ਲਈ ਸੇਫ ਪੰਜਾਬ : 9779100200, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ : 9394693946 ’ਤੇ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।