ਹਨੀ ਫੱਤਣਵਾਲਾ ਦੇ ਗ੍ਰਹਿ ਪੁੱਜੇ ਮਨਪ੍ਰੀਤ ਸਿੰਘ ਬਾਦਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਨੀ ਫੱਤਣਵਾਲਾ ਦੇ ਗ੍ਰਹਿ ਪੁੱਜੇ ਮਨਪ੍ਰੀਤ ਸਿੰਘ ਬਾਦਲ
Publish Date: Thu, 26 Nov 2026 05:09 PM (IST)
Updated Date: Fri, 27 Nov 2026 04:05 AM (IST)
ਅਕਾਲੀ-ਭਾਜਪਾ ਗਠਜੋੜ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ : ਹਨੀ ਫੱਤਣਵਾਲਾ ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਭਾਜਪਾ ਤੇ ਅਕਾਲੀ ਦਲ ਦੇ ਮੁੜ ਹੋਏ ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਤੇ ਆਗੂਆਂ ਦੇ ਚਿਹਰਿਆਂ ’ਤੇ ਭਾਰੀ ਰੌਣਕ ਤੇ ਉਤਸ਼ਾਹ ਸਾਫ਼ ਦੇਖਿਆ ਜਾ ਸਕਦਾ ਹੈ। ਇਸ ਗਠਜੋੜ ਦੀ ਖੁਸ਼ੀ ਸਾਂਝੀ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹਨੀ ਫੱਤਣਵਾਲਾ ਤੇ ਮਨਜੀਤ ਸਿੰਘ ਫੱਤਣਵਾਲਾ (ਸਾਬਕਾ ਚੇਅਰਮੈਨ ਸ਼ੂਗਰ ਮਿੱਲ) ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਗਠਜੋੜ ਦੀ ਵਧਾਈ ਦਿੱਤੀ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਹੋਣ ਨਾਲ ਅੱਜ ਪੰਜਾਬ ਦੇ ਹਰ ਵਰਗ ਦੇ ਲੋਕਾਂ ਵੱਲੋਂ ਵੱਡੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੁਣ ਮੁੜ ਤੋਂ ਇਨਸਾਫ਼ ਅਤੇ ਵਿਕਾਸ ਦੀ ਇੱਕ ਨਵੀਂ ਆਸ ਦੀ ਕਿਰਨ ਦਿਖਾਈ ਦਿੱਤੀ ਹੈ। ਦੇਸ਼ ਦੇ ਹੋਰਨਾਂ ਸੂਬਿਆਂ ਦੀ ਮਿਸਾਲ ਦਿੰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ, ਉੱਥੇ ਲੋਕ ਪੂਰੀ ਤਰ੍ਹਾਂ ਅਮਨ-ਅਮਾਨ, ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਸ ਮੌਕੇ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਮਨਪ੍ਰੀਤ ਸਿੰਘ ਬਾਦਲ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਤੇ ਹਲਕੇ ਸਮੇਤ ਪੂਰੇ ਪੰਜਾਬ ’ਚ ਗਠਜੋੜ ਦੀ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਗਠਜੋੜ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਹੋਰ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।