ਐਸਆਈਆਰ ਦੇ ਵਿਰੋਧ 'ਚ ਕਾਂਗਰਸ ਤੇ ਖੱਬੀਆਂ ਪਾਰਟੀਆਂ ਦਾ ਵਿਸ਼ਾਲ ਰੋਸ ਮਾਰਚ ਮਲੋਟ ਵਿਖੇ ਐਸਆਈਆਰ ਦੇ ਵਿਰੋਧ 'ਚ ਕਾਂਗਰਸ ਅਤੇ ਖੱਬੀਆਂ ਪਾਰਟੀਆਂ ਦਾ ਵਿਸ਼ਾਲ ਰੋਸ ਮਾਰਚ
Publish Date: Thu, 08 Oct 2026 07:01 PM (IST)
Updated Date: Fri, 09 Oct 2026 04:08 AM (IST)
-ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ,-ਮੋਦੀ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਕੱਢੀ ਭੜਾਸ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ -ਆਗੂਆਂ ਨੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ’ਤੇ ਦਿੱਤਾ ਜ਼ੋਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ ਅੱਜ ਬਲਾਕ ਕਾਂਗਰਸ ਕਮੇਟੀ ਮਲੋਟ ਵੱਲੋਂ ਖੱਬੇ-ਪੱਖੀ ਪਾਰਟੀਆਂ (ਸੀਪੀਆਈ ਅਤੇ ਸੀਪੀਐੱਮ) ਦੇ ਸਹਿਯੋਗ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਥਿਤ ਇਸ਼ਾਰੇ ’ਤੇ ਚਲਾਈ ਜਾ ਰਹੀ ਐੱਸਆਈਆਰ (ਐਸਆਈਆਰ) ਦੇ ਵਿਰੋਧ ’ਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਪ੍ਰਦਰਸ਼ਨ ਤਹਿਸੀਲ ਰੋਡ (ਨੇੜੇ ਭਾਰਤ ਸੰਚਾਰ ਦਫ਼ਤਰ) ਦੇ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗਾਂਧੀ ਚੌਂਕ ਵਿਖੇ ਜਾ ਕੇ ਸਮਾਪਤ ਹੋਇਆ। ਰੋਸ ਮਾਰਚ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭ ਦੀਪ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਸਾਬਕਾ ਪ੍ਰਧਾਨ ਨੱਥੂ ਰਾਮ, ਗੁਰਜੰਟ ਬਰਾੜ ਤੋਂ ਇਲਾਵਾ ਵੱਡੀ ਗਿਣਤੀ ’ਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਅਤੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਵਿੱਚ ਆਮ ਨਾਗਰਿਕਾਂ ਦਾ ਵਿਸ਼ਵਾਸ ਬਣਾਈ ਰੱਖਣ ਲਈ ਇਹ ਜ਼ਰੂਰੀ ਹੈ ਕਿ ਆਉਣ ਵਾਲੀਆਂ ਸਾਰੀਆਂ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ। ਇਸ ਰੋਸ ਮਾਰਚ ’ਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਸਮੇਤ ਸੀਪੀਆਈ ਅਤੇ ਸੀਪੀਐੱਮ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਐਡਵੋਕੇਟ ਸੁਖਦਰਸ਼ਨ ਜੱਗਾ, ਰਾਜੇਸ਼ ਮਦਾਨ, ਅਸ਼ਵਨੀ ਖੇੜਾ, ਬਲਕਾਰ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।