ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ 16 ਨਵੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲੱਗ ਰਹੇ ਪੱਕੇ ਧਰਨੇ 'ਚ ਸ਼ਾਮਲ ਹੋਣ ਲਈ ਰੋਸ ਮੀਟਿੰਗ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਅਤੇ ਜਸਪ੍ਰੀਤ ਕੌਰ ਨੇ ਕਿਹਾ ਕਿ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰ ਅਤੇ ਬਾਬਾ ਫਰੀਦ ਸਿਹਤ ਤੇ ਵਿਗਿਆਨ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਖ਼ਿਲਾਫ਼ ਮਹਿਲਾ ਡਾਕਟਰ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਯੂਨੀਵਰਸਿਟੀ 'ਚ ਇਸ ਤਰ੍ਹਾਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਦੋਸ਼ੀ ਹਰ ਵਾਰ ਬਚ ਜਾਂਦੇ ਹਨ। ਯੂਨੀਵਰਸਿਟੀ 'ਚ ਮਹਿਲਾ ਡਾਕਟਰ ਅਤੇ ਅੌਰਤਾਂ ਦੀ ਹਾਲਤ ਤਰਸਯੋਗ ਹੈ। ਕਈ ਤਾਂ ਯੂਨੀਵਰਸਿਟੀ ਛੱਡ ਕੇ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਦਾ ਸਿਵਲ, ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੋਸ਼ੀ ਡਾਕਟਰ ਦੇ ਪੱਖ 'ਚ ਖੜ੍ਹਾ ਹੈ ਅਤੇ ਪੀੜਤ ਡਾਕਟਰ ਨੂੰ ਇਨਸਾਫ ਦੇਣ ਦੀ ਬਜਾਏ ਮਾਮਲੇ ਨੂੰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ਼ ਦੁਆਉਣ ਲਈ ਵੱਧ ਤੋਂ ਵੱਧ ਗਿਣਤੀ 'ਚ 16 ਨਵੰਬਰ ਤੋਂ ਸ਼ੁਰੂ ਹੋ ਰਹੇ ਪੱਕੇ ਧਰਨੇ 'ਚ ਸ਼ਾਮਲ ਹੋਣ। ਇਸ ਮੌਕੇ ਰਾਜਵਿੰਦਰ ਖੋਖਰ, ਗੁਰਦਿੱਤ ਸਿੰਘ, ਸੁਖਵੀਰ ਕੌਰ, ਮਨਪ੍ਰੀਤ ਕੌਰ ਆਦਿ ਵਿਦਿਆਰਥੀ ਆਗੂ ਮੌਜੂਦ ਸਨ।