ਕੋਟਲੀ ਸੰਘਰ ਦੇ ਮਿਡਲ ਸਕੂਲ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ ਕੋਟਲੀ ਸੰਘਰ ਦੇ ਮਿਡਲ ਸਕੂਲ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Sun, 02 Aug 2026 03:26 PM (IST)
Updated Date: Sun, 02 Aug 2026 03:28 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਦੇ ਨਿਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਭੇਜੇ ਇਸ ਮੰਗ ਪੱਤਰ ਰਾਹੀਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਨੂੰ ਤੁਰੰਤ ਅਪਗ੍ਰੇਡ ਕਰਕੇ 10ਵੀਂ (ਹਾਈ ਸਕੂਲ) ਤੱਕ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ’ਚ ਸਕੂਲ ਕੇਵਲ 8ਵੀਂ ਜਮਾਤ ਤੱਕ ਹੀ ਹੈ। ਆਵਾਜਾਈ ਦੇ ਢੁਕਵੇਂ ਸਾਧਨ ਨਾ ਹੋਣ ਕਾਰਨ ਬੱਚਿਆਂ-ਖ਼ਾਸ ਕਰਕੇ ਲੜਕੀਆਂ ਨੂੰ ਅਗਲੀ ਪੜ੍ਹਾਈ ਲਈ ਪਿੰਡ ਤੋਂ ਬਾਹਰ ਜਾਣਾ ਪੈਂਦਾ ਹੈ। ਇਸ ਸਮੱਸਿਆ ਕਾਰਨ ਕਈ ਗਰੀਬ ਪਰਿਵਾਰ ਆਪਣੇ ਬੱਚਿਆਂ ਦੀ ਪੜ੍ਹਾਈ ਅੱਧ ਵਿਚਾਲੇ ਹੀ ਛੁਡਵਾਉਣ ਲਈ ਮਜਬੂਰ ਹਨ। ਪਿੰਡ ਵਾਸੀਆਂ ਨੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ 8ਵੀਂ ਤੋਂ ਅੱਗੇ ਦੀ ਪੜ੍ਹਾਈ ਲਈ ਬੱਚਿਆਂ ਨੂੰ 3 ਕਿਲੋਮੀਟਰ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਜਾਣਾ ਪੈਂਦਾ ਹੈ, ਜੋ ਕਿ ਅਤਿ-ਵਿਅਸਤ ਮੁਕਤਸਰ-ਕੋਟਕਪੂਰਾ ਮੁੱਖ ਮਾਰਗ ’ਤੇ ਸਥਿਤ ਹੈ। ਇਸ ਮਾਰਗ ਨੂੰ ਪਾਰ ਕਰਦਿਆਂ ਪਹਿਲਾਂ ਵੀ ਵੱਖ-ਵੱਖ ਸਮਿਆਂ ਦੌਰਾਨ 4 ਮਾਸੂਮ ਬੱਚਿਆਂ ਦੀ ਸੜਕ ਹਾਦਸਿਆਂ ’ਚ ਮੌਤ ਹੋ ਚੁੱਕੀ ਹੈ। ਇਸ ਖ਼ਤਰਨਾਕ ਸਥਿਤੀ ਕਾਰਨ ਮਾਪੇ ਹਰ ਵੇਲੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਹਿਸ਼ਤ ਅਤੇ ਚਿੰਤਾ ਦੇ ਮਾਹੌਲ ’ਚ ਜਿਊਣ ਲਈ ਮਜਬੂਰ ਹਨ। ਪਿੰਡ ਵਾਸੀਆਂ ਅਤੇ ਪੰਚਾਇਤ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਤੇ ਸੁਰੱਖਿਅਤ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਦਾ ਦਰਜਾ ਜਲਦ ਤੋਂ ਜਲਦ ਵਧਾਇਆ ਜਾਵੇ। ਉਨ੍ਹਾਂ ਉਮੀਦ ਜਤਾਈ ਕਿ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਇਸ ਵਾਜਬ ਮੰਗ ਨੂੰ ਪਹਿਲ ਦੇ ਆਧਾਰ ’ਤੇ ਪ੍ਰਵਾਨ ਕਰੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਦਾ ਕਰਕੇ ਇਸ ਜਾਇਜ਼ ਮੰਗ ਦਾ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਕੋਟਲੀ, ਮੀਤ ਪ੍ਰਧਾਨ ਗੁਰਮੀਤ ਸਿੰਘ ਮਰਾੜ੍ਹ, ਖਜਾਨਚੀ ਸੁਰਜੀਤ ਸਿੰਘ ਰੁਪਾਣਾ, ਪ੍ਰੈਸ ਸਕੱਤਰ ਨਿਰਮਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਿਵਰਾਜ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।