- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਿਸਟਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਵਿਖੇ ਗੇਟ ਰੈਲੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਤਹਿਤ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੇਟ ਰੈਲੀ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਕਰਮਜੀਤ ਸ਼ਰਮਾ ਨੇ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਕੋਝੀਆਂ ਚਾਲਾਂ ਨਾਲ ਕਰਮਚਾਰੀਆਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪ੍ਰੰਤੂ ਹੁਣ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇੱਕਜੁਟ ਹੋ ਚੁੱਕਾ ਹੈ ਅਤੇ ਹਰੇਕ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮਾਨਯੋਗ ਹਾਈਕੋਰਟ ਦੇ ਫੈਸਲੇ ਦੇ ਬਾਵਜੂਦ ਵੀ ਨਾ ਤਾਂ ਮਹਿੰਗਾਈ ਭੱਤਾ ਜਾਰੀ ਕਰ ਰਹੀ ਹੈ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਰਹੀ ਹੈ। ਇੱਥੋਂ ਤੱਕ ਕਿ ਮੀਟਿੰਗਾਂ ਵਿੱਚ ਮੰਗਾਂ ਮੰਨਣ ਦੇ ਬਾਵਜੂਦ ਵੀ ਬਹੁਤ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ, ਜਿਵੇਂ 15-1-15 ਅਤੇ 17-7-20 ਦੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਸਰਕਾਰ ਨੇ ਅਜੇ ਤੱਕ ਵਾਪਸ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸੇ ਅੜੀਅਲ ਰਵੱਈਏ ਕਾਰਨ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖੇ ਸੰਘਰਸ਼ ਉਲੀਕੇ ਜਾ ਰਹੇ ਹਨ, ਜਿਸਦੇ ਤਹਿਤ ਮਿਤੀ: 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਫਿਰ ਵੀ ਮੁਲਾਜ਼ਮ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ 21 ਅਤੇ 22 ਅਕਤੂਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਆਗੂਆਂ ਨੇ ਦੱਸਿਆ ਕਿ ਸੰਗਰੂਰ ਦੀ ਮਹਾਰੈਲੀ ਸਬੰਧੀ ਲਗਾਤਾਰ ਮੀਟਿੰਗਾਂ ਕਰਕੇ ਸਾਰੇ ਸਾਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ ਅਤੇ ਸਮੂਹ ਕਰਮਚਾਰੀਆਂ ਵਿੱਚ ਇਸ ਸਬੰਧੀ ਪੂਰਾ ਜੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ ’ਚ ਕਰਮਚਾਰੀ ਮੌਜੂਦ ਸਨ।