ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ : ਵਿਧਾਇਕ ਕਾਕਾ ਬਰਾੜ
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
Publish Date: Sun, 29 Mar 2026 05:34 PM (IST)
Updated Date: Sun, 29 Mar 2026 05:35 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 2 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਜਗਦੀਪ ਸਿੰਘ ਕਾਕਾ ਬਰਾੜ ਐਮਐਲਏ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ, ਜਿਨ੍ਹਾਂ ਵਿਚੋਂ ਇੱਕ ਗੁਰਦੁਆਰਾ ਸਾਂਝੀਵਾਲ ਗਾਂਧੀ ਨਗਰ ਸ੍ਰੀ ਮੁਕਤਸਰ ਵਿਖੇ ਅਤੇ ਇੱਕ ਰੈਣ ਬਸੇਰਾ ਗੋਨਿਆਣਾ ਰੋਡ ਵਿਖੇ ਬਣਾਇਆ ਗਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਇਨ੍ਹਾਂ ਕਲੀਨਿਕਾਂ ਨੂੰ ਬਣਾਇਆ ਗਿਆ ਹੈ। ਜਿਸ ਵਿੱਚ ਤਜਰਬੇਕਾਰ ਡਾਕਟਰ ਅਤੇ ਸਟਾਫ ਰਾਹੀਂ ਆਮ ਲੋਕਾਂ ਇਲਾਜ, ਦਵਾਈਆਂ, ਲੈਬ ਟੈਸਟ ਆਦਿ ਮੁਫਤ ਹੋਣਗੇ। ਇਸ ਸਮੇਂ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ,ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਆਦਮੀ ਕਲੀਨਿਕ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇਣ ਲਈ ਬਹੁਤ ਲਾਹੇਵੰਦ ਹੋਣਗੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਨ੍ਹਾਂ ਆਮ ਆਦਮੀ ਕਲੀਨਿਕਾਂ ’ਚ ਮਿਲਣ ਵਾਲੀਆਂ ਸਿਹਤ ਸਹੂਲਤਾਂ, ਦਵਾਈਆਂ, ਟੈਸਟ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁਖਤਿਆਰ ਸਿੰਘ, ਦਰਸ਼ਨ ਸਿੰਘ ਕਪੂਰ, ਸੁਰਿੰਦਰਪਾਲ ਸਿੰਘ, ਬੀਰਬਲ ਸਿੰਘ ਅਤੇ ਸਿਹਤ ਵਿਭਾਗ ਤੋਂ ਡਾ. ਦੁਪਿੰਦਰ ਕੁਮਾਰ ਡੀਐਮਸੀ, ਡਾ. ਰਾਜੀਵ ਕੁਮਾਰ ਐਸਐਮਓ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਦੀਪਕ ਕੁਮਾਰ ਡੀਪੀਐਮ, ਲਾਲ ਚੰਦ ਮਾਸ ਮੀਡੀਆ, ਭੁਪਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਗੁਰਪ੍ਰੀਤ ਸਿੰਘ ਪੀ ਏ. ਟੂ ਸਿਵਲ ਸਰਜਨ ਹਾਜ਼ਰ ਸਨ।