
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸੁਖਨਾ ਅਬਲੂ ਨੇੜੇ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਨੋਖਾ ਸਿੰਘ ਪੁੱਤਰ ਬੂਟਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਠੇ ਦਸਮੇਸ਼ ਨਗਰ (ਕੋਟਭਾਈ) ਵਜੋਂ ਹੋਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੋਦਾ : ਪਿੰਡ ਸੁਖਨਾ ਅਬਲੂ ਨੇੜੇ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਨੋਖਾ ਸਿੰਘ ਪੁੱਤਰ ਬੂਟਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਠੇ ਦਸਮੇਸ਼ ਨਗਰ (ਕੋਟਭਾਈ) ਵਜੋਂ ਹੋਈ ਹੈ। ਐੱਸਐੱਚਓ ਦਵਿੰਦਰ ਕੁਮਾਰ ਕੋਟਭਾਈ ਨੇ ਦੱਸਿਆ ਕਿ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਦਾ ਤੋਂ ਆਪਣੇ ਘਰ ਵੱਲ ਪਰਤ ਰਹੇ ਸਨ। ਜਦੋਂ ਉਹ ਸੁਖਨਾ ਅਬਲੂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਟਰੈਕਟਰ-ਟਰਾਲੇ ਦੀਆਂ ਲਾਈਟਾਂ ਪੈਣ ਕਾਰਨ ਹਾਦਸਾ ਵਾਪਰ ਗਿਆ। ਹਾਦਸੇ ’ਚ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਗੀਰਾਂ ਅਤੇ ਲੋਕਾਂ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੋਦਾ ਵਿਖੇ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਦੱਸਿਆ ਜਾਂਦਾ ਹੈ ਕਿ ਦੋਵੇਂ ਨੌਜਵਾਨ ਮਿਹਨਤ-ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਹੇ ਸਨ। ਹਾਦਸੇ ’ਚ ਸ਼ਾਮਲ ਪਰਾਲੀ ਦੀਆਂ ਗੱਠਾਂ ਨਾਲ ਲੱਦਿਆ ਟਰੈਕਟਰ-ਟਰਾਲਾ ਪਿੰਡ ਸੂਰੇਵਾਲਾ ਦਾ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਨੇ ਇਲਾਕੇ ’ਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਲੋਕਾਂ ਵੱਲੋਂ ਸੜਕਾਂ ’ਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਓਵਰਲੋਡ ਗੱਠਾਂ ਨਾਲ ਲੱਦੇ ਟਰੈਕਟਰ-ਟਰਾਲਿਆਂ ਦੀ ਆਵਾਜਾਈ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਟ੍ਰੈਫਿਕ ਇੰਚਾਰਜ ਸੁਖਦੇਵ ਸਿੰਘ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਓਵਰਲੋਡ ਟਰੈਕਟਰ-ਟਰਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।