- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਣੀ ਨੇ ਕਿਹਾ ਕਿ ਖਾਲਸਾ ਪੰਥ ਸਮਾਜਿਕ ਏਕਤਾ ਤੇ ਸੇਵਾ ਦਾ ਸੰਦੇਸ਼ ਦਿੰਦਾ ਹੈ ਪਰ ਅੱਜ ਪੰਜਾਬ ਸਰਕਾਰ ਉਸ ਭਾਵਨਾ ’ਤੇ ਖਰਾ ਉਤਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚਾਰ ਸਾਲਾਂ ਤੋਂ ਸੱਤਾ ’ਚ ਹੈ ਪਰ ਇਸ ਦੇ ਵਾਅਦੇ ਅਧੂਰੇ ਹਨ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ‘ਹੜ੍ਹਾਂ ਦੇ ਸੰਕਟ ਦੌਰਾਨ ਹਰਿਆਣਾ ਨੇ ਪੰਜਾਬ ਦੀ ਮਦਦ ਕੀਤੀ ਪਰ ਪੰਜਾਬ ਸਰਕਾਰ ਤੇ ਇਸ ਦੇ ਆਗੂ ਗੈਰ ਹਾਜ਼ਰ ਸਨ। ਜਿਸ ਨੂੰ ਪੰਜਾਬ ਨੇ ਮੁੱਖ ਮੰਤਰੀ ਬਣਾਇਆ ਸੀ, ਉਹ ਹਸਪਤਾਲ ’ਚ ਭਰਤੀ ਸੀ। ਕੇਜਰੀਵਾਲ ਵੀ ਦਿੱਲੀ ਭੱਜ ਗਿਆ। ਪੰਜਾਬ ਹਰਿਆਣਾ ਦਾ ਵੱਡਾ ਭਰਾ ਹੈ। ਸਾਨੂੰ ਪੰਜਾਬ ਦੀ ਪ੍ਰਵਾਹ ਹੈ।’
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਘੀ ਮੇਲੇ ’ਤੇ ਭਾਜਪਾ ਵੱਲੋਂ ਕੀਤੀ ਸਿਆਸੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸੈਣੀ ਨੇ ਕਿਹਾ ਕਿ ਖਾਲਸਾ ਪੰਥ ਸਮਾਜਿਕ ਏਕਤਾ ਤੇ ਸੇਵਾ ਦਾ ਸੰਦੇਸ਼ ਦਿੰਦਾ ਹੈ ਪਰ ਅੱਜ ਪੰਜਾਬ ਸਰਕਾਰ ਉਸ ਭਾਵਨਾ ’ਤੇ ਖਰਾ ਉਤਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚਾਰ ਸਾਲਾਂ ਤੋਂ ਸੱਤਾ ’ਚ ਹੈ ਪਰ ਇਸ ਦੇ ਵਾਅਦੇ ਅਧੂਰੇ ਹਨ। ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਤੋਂ ਬਾਅਦ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ। ਪੰਜਾਬ ’ਚ ਆਯੁਸ਼ਮਾਨ ਯੋਜਨਾ ਲਾਗੂ ਨਹੀਂ ਹੋ ਰਹੀ ਹੈ, ਜਦਕਿ ਹਰਿਆਣਾ ’ਚ ਗਰੀਬਾਂ ਨੂੰ ਰਿਹਾਇਸ਼ ਤੇ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਤੇ ਆਮ ਲੋਕਾਂ ਨੂੰ ਝੂਠੇ ਵਾਅਦਿਆਂ ’ਤੇ ਨਿਰਭਰ ਰੱਖਿਆ ਹੈ।
ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ’ਚ ਡਬਲ ਇੰਜਣ ਵਾਲੀ ਸਰਕਾਰ ਚੱਲ ਰਹੀ ਹੈ। ਹਮੀਰਪੁਰ ਤੋਂ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ। ਪੰਜਾਬ ਨੂੰ ਨਸ਼ੇ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਤੇ ਕੇਜਰੀਵਾਲ ਕੰਪਨੀ ਤੋਂ ਮੁਕਤ ਕਰਨਾ ਪਵੇਗਾ। ਪੰਜਾਬ ਦਾ ਪੈਸਾ ਕੇਜਰੀਵਾਲ ’ਤੇ ਖਰਚ ਕੀਤਾ ਜਾ ਰਿਹਾ ਹੈ। ਅਗਲੇ ਸਾਲ ਭਾਜਪਾ ਦੀ ਸਰਕਾਰ ਬਣਾ ਕੇ ਅਸੀਂ ਪੰਜਾਬ ਨੂੰ ਇਨ੍ਹਾਂ ਲੋਕਾਂ ਤੋਂ ਆਜ਼ਾਦ ਕਰਾਂਗੇ। ਉਨ੍ਹਾਂ ਕਿਹਾ ਕਿ ਕੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੁਆਰਾ ਦਿਖਾਏ ਗਏ ਗੁਰੂਆਂ ਦੇ ਅਪਮਾਨ ਲਈ ਕੀ ਭਗਵੰਤ ਮਾਨ ਦੇ ਕੰਨ ਬੋਲੇ ਹੋ ਗਏ ਹਨ? ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਲੋਕਾਂ ਸਾਹਮਣੇ ਆਪਣਾ ਸਿਰ ਨਹੀਂ ਚੁੱਕ ਰਿਹਾ। ਪਹਿਲਾਂ ਕਾਂਗਰਸ ਨੇ ਲੁੱਟਿਆ ਤੇ ਹੁਣ 'ਆਪ' ਨੇ ਪੰਜਾਬ ਲਈ ਕੁਝ ਨਹੀਂ ਛੱਡਿਆ। ਕਾਂਗਰਸ ਤੇ 'ਆਪ' ਇਕੱਠੇ ਹਨ।
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਸਰਕਾਰੀ ਬੱਸਾਂ ਨੂੰ ਪਾਰਟੀ ਰੈਲੀਆਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਦੇ ਵਿਦੇਸ਼ ਦੌਰਿਆਂ ’ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਹ ਪੰਜਾਬ ਦਾ ਪੈਸਾ ਵਿਦੇਸ਼ਾਂ ’ਚ ਖਰਚ ਕਰ ਰਹੇ ਹਨ। ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪੁਲਿਸ ’ਤੇ ਭਰੋਸਾ ਹੁੰਦਾ ਤਾਂ ਉਹ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਮੁਕਤਸਰ ’ਚ ਸਟੇਜ ’ਤੇ ਬੁਲਾਉਂਦੇ ਤੇ ਉਨ੍ਹਾਂ ਤੋਂ ਜਨਤਕ ਮੁਆਫ਼ੀ ਮੰਗਵਾਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ। ਉਨ੍ਹਾਂ ਕਾਂਗਰਸ ਪਾਰਟੀ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਨਕਲੀ ਸਿੱਖਾਂ ਨਾਲ ਭਰੀ ਹੋਈ ਹੈ ਤੇ ਜਾਤੀਵਾਦ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਵਾਅਦਾ ਕੀਤਾ ਸੀ, ਉਨ੍ਹਾਂ ਨੇ ਅਸਲ ’ਚ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਗੋਲੀਬਾਰੀ ਦੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਪੰਜਾਬ ’ਚ ਸਖ਼ਤ ਕਾਨੂੰਨ ਵਿਵਸਥਾ ਵਾਲੀ ਸਰਕਾਰ ਦੀ ਜ਼ਰੂਰਤ 'ਤੇ ਚਰਚਾ ਕਰ ਰਹੇ ਹਨ। ਇਸ ਮੌਕੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਸਾਬਕਾ ਮੰਤਰੀ ਮਨਪ੍ਰੀਤ ਬਾਦਲ, ਵਿਧਾਇਕ ਸੰਦੀਪ ਜਾਖੜ ਤੇ ਹੋਰ ਭਾਜਪਾ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਆਗੂ ਭਾਈ ਰਾਹੁਲ ਸਿੱਧੂ, ਭਾਜਪਾ ਆਗੂ ਰਾਜੇਸ਼ ਗੋਰਾ ਪਠੇਲਾ, ਭਾਜਪਾ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।