ਜਗਸੀਰ ਛੱਤਿਆਣਾ, ਗਿੱਦੜਬਾਹਾ : ਭਾਰਤ ਦੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਤਰੱਕੀ ਕੀਤੀ ਹੈ ਤੇ ਲਗਾਤਾਰ ਉਚਾਈਆਂ ਵੱਲ ਵੱਧ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਨੂੰ ਗਿੱਦੜਬਾਹਾ ਫੇਰੀ ਦੌਰਾਨ ਗੋਗੀ ਜੈਨ ਤੇ ਵਿਜੈ ਜੈਨ ਦੇ ਗ੍ਰਹਿ ਵਿਖੇ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੇਕ ਕੱਟਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਮਾੜਾ ਕਹਿਣਾ ਨਹੀਂ ਹੈ ਪਰ ਆਪਣੇ 70 ਸਾਲ ਦੇ ਸਿਆਸੀ ਜੀਵਨ 'ਚ ਇਸ ਤੋਂ ਪਹਿਲਾਂ ਨਰਿੰਦਰ ਮੋਦੀ ਵਰਗਾ ਸਮਰੱਥ ਤੇ ਸੂਝਵਾਨ ਪ੍ਰਧਾਨ ਮੰਤਰੀ ਨਹੀਂ ਵੇਖਿਆ। ਜੋ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਪੂਰੇ ਦੇਸ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤ ਦੇ ਸਾਰੇ ਹੀ ਲੋਕ ਵਧਾਈ ਦੇ ਹੱਕਦਾਰ ਹਨ, ਜ਼ਿਨ੍ਹਾਂ ਦੂਜੀ ਵਾਰ ਨਰਿੰਦਰ ਮੋਦੀ 'ਤੇ ਭਰੋਸਾ ਪ੍ਰਗਟ ਕੀਤਾ ਤੇ ਦੂਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ , ਜਥੇਦਾਰ ਨਵਤੇਜ ਸਿੰਘ ਕਾਉਣੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਕੁਮਾਰ ਸ਼ਿੰਪੀ ਬਾਂਸਲ, ਸ਼ਹਿਰੀ ਪ੍ਰਧਾਨ ਅਸ਼ੋਕ ਬੁੱਟਰ, ਐਡਵੋਕੇਟ ਗੁਰਮੀਤ ਸਿੰਘ ਮਾਨ, ਹਰਜੀਤ ਸਿੰਘ ਨੀਲਾ ਮਾਨ, ਰੈਸਟੀ ਰੰਧਾਵਾ, ਜਗਤਾਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ।