- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਵੱਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਹਲਕਾ ਵਿਧਾਇਕ ਨੂੰ ਸੌਂਪਿਆ ਤੇ ਮੰਗਾਂ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਐਨਐਚਐਮ ਮੁਲਾਜ਼ਮ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੋਵਿਡ-19 ਮਹਾਂਮਾਰੀ ਸਮੇਤ ਵੱਖ-ਵੱਖ ਸਿਹਤ ਮੁਹਿੰਮਾਂ ਦੌਰਾਨ ਵੀ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈਆਂ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਯੂਨੀਅਨ ਆਗੂਆਂ ਮੁਤਾਬਕ ਪੰਜਾਬ ਸਰਕਾਰ ਨਾਲ ਹੁਣ ਤੱਕ 53 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਨ੍ਹਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਹਰ ਵਾਰ ਮੀਟਿੰਗਾਂ ’ਚ ਮੰਗਾਂ ’ਤੇ ਵਿਚਾਰ ਕਰਨ ਤੇ ਹੱਲ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਜ਼ਮੀਨੀ ਪੱਧਰ ’ਤੇ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਸਿਹਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਐਨਐਚਐਮ ਇੰਪਲਾਈਜ਼ ਵੈਲਫੇਅਰ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਣੀ ਸੀ। ਉਨ੍ਹਾਂ ਅਨੁਸਾਰ ਵਿੱਤ ਮੰਤਰੀ ਵੱਲੋਂ ਇਸ ਸਬੰਧੀ 15 ਦਿਨਾਂ ਦੀ ਸਮਾਂ-ਸੀਮਾ ਦਿੱਤੀ ਗਈ ਸੀ ਪਰ ਸਮਾਂ-ਸੀਮਾ ਬੀਤ ਜਾਣ ਦੇ ਬਾਵਜੂਦ ਕਮੇਟੀ ਦੀ ਮੀਟਿੰਗ ਨਹੀਂ ਹੋਈ। ਇਸ ਕਾਰਨ ਐਨਐਚਐਮ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਮੁਲਾਜ਼ਮਾਂ ਨੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੇ ਸਬੰਧਿਤ ਮੰਤਰੀਆਂ ਦੇ ਧਿਆਨ ਵਿੱਚ ਲਿਆਉਣ ਅਤੇ ਸਰਕਾਰ ਦੇ ਪੱਧਰ ’ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣ ਨੂੰ ਤਰਜੀਹ ਦਿੰਦੇ ਹਨ ਪਰ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਜਲਦ ਠੋਸ ਕਦਮ ਨਾ ਚੁੱਕੇ ਗਏ ਤੇ ਵੈਲਫੇਅਰ ਕਮੇਟੀ ਦੀ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਨਐਚਐਮ ਇੰਪਲਾਈਜ਼ ਵੈਲਫੇਅਰ ਕਮੇਟੀ ਦੀ ਤੁਰੰਤ ਮੀਟਿੰਗ ਬੁਲਾ ਕੇ ਮੰਗਾਂ ’ਤੇ ਸਮਾਂਬੱਧ ਢੰਗ ਨਾਲ ਠੋਸ ਫ਼ੈਸਲੇ ਕੀਤੇ ਜਾਣ।