ਨਰੇਗਾ ਕਾਮਿਆਂ ਵੱਲੋਂ ਦੂਜੇ ਦਿਨ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ
ਨਰੇਗਾ ਕਾਮਿਆਂ ਵੱਲੋਂ ਦੂਜੇ ਦਿਨ ਡੀਸੀ ਦਫਤਰ ਮੂਹਰੇ ਰੋਸ ਮੁਜ਼ਾਹਰਾ
Publish Date: Wed, 25 Mar 2026 05:56 PM (IST)
Updated Date: Wed, 25 Mar 2026 05:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ‘ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ’ ਵੱਲੋਂ ਦੂਜੇ ਦਿਨ ਵੀ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਨਾ, ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ, ਸ਼ਮਸ਼ੇਰ ਸਿੰਘ ਥਾਂਦੇਵਾਲਾ, ਕਾਮਰੇਡ ਗੁਰਮੇਲ ਸਿੰਘ ਦੋਦਾ, ਜੈਮਲ ਸਿੰਘ ਭੰਗਚੜ੍ਹੀ, ਬੋਹੜ ਸਿੰਘ ਖੂਨਣ, ਜਸਵਿੰਦਰ ਸਿੰਘ ਸਾਹਿਬ ਚੰਦ, ਗੁਰਬਚਨ ਸਿੰਘ ਛੱਤੇਆਣਾ ਅਤੇ ਹਰਲਾਭ ਸਿੰਘ ਜ਼ਿਲ੍ਹਾ ਸਕੱਤਰ ਸੀਪੀਆਈ ਸਣੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰੇਗਾ ਕਾਮਿਆਂ ਵੱਲੋਂ ਲਗਾਤਾਰ ਦੂਜੇ ਦਿਨ ਵੀ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਕੜਕਦੀ ਧੁੱਪ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਧਰਨੇ ’ਚ ਔਰਤਾਂ ਤੇ ਬਜ਼ੁਰਗ ਵੀ ਸ਼ਾਮਲ ਹਨ। ਪਰ ਕਿਸੇ ਅਧਿਕਾਰੀ ਨੇ ਅਜੇ ਤੱਕ ਸਾਡੀ ਸਾਰ ਨਹੀਂ ਲਈ। ਜਿਸ ਕਰਕੇ ਨਰੇਗਾ ਮਜ਼ਦੂਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਚੌਹਾਨ ਨੇ ਜਥੇਬੰਦੀ ਨਾਲ ਜਲੰਧਰ ਫੇਰੀ ਮੌਕੇ ਵਾਅਦਾ ਕੀਤਾ ਸੀ ਤੇ ਨਰੇਗਾ ਕਾਮਿਆਂ ਨੂੰ ਭਰੋਸਾ ਦਿੱਤਾ ਸੀ ਕਿ ਕੰਮ ਵੀ ਮਿਲੇਗਾ ਅਤੇ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਵੇਗਾ। ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਉਪਰ ਕੋਈ ਕਾਰਵਾਈ ਨਾ ਹੋਈ ਤਾਂ ਉਹ 01 ਅਪਰੈਲ ਤੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਭੁੱਖ ਹੜਤਾਲ ਸ਼ੁਰੂ ਕਰਨਗੇ ਜਿਸਦੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।