ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
Publish Date: Fri, 27 Feb 2026 06:36 PM (IST)
Updated Date: Fri, 27 Feb 2026 06:37 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਤੇ ਉਨ੍ਹਾਂ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਨਵੇਂ ਮੈਂਬਰ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਚਰਨਜੀਤ ਸਿੰਘ ਧਾਲੀਵਾਲ ਡਾਇਰੈਕਟਰ ਪੀਆਰਟੀਸੀ ਨੇ ਨਵ-ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਮੈਂਬਰ ਇਮਾਨਦਾਰੀ, ਪਾਰਦਰਸ਼ਤਾ ਤੇ ਲਗਨ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਕਰਨ। ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੇ ਸੰਵਿਧਾਨਕ ਮਰਯਾਦਾਵਾਂ ਦੀ ਪਾਲਣਾ ਕਰਦੇ ਹੋਏ ਆਪਣੇ ਅਹੁਦੇ ਦੀ ਸਹੁੰ ਚੁੱਕੀ ਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਜਤਾਈ। ਸਮਾਗਮ ਦੌਰਾਨ ਹਾਜ਼ਰ ਅਧਿਕਾਰੀਆਂ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਨਵੇਂ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਰਾਜ ਕੁਮਾਰ ਨੇ ਬਾਖੂਬੀ ਨਿਭਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਸਿਮਰਜੀਤ ਸਿੰਘ ਡਾਇਰੈਕਟਰ ਕੋਆਪਰੇਟਿਵ ਸੋਸਾਇਟੀ, ਕੁਲਵਿੰਦਰ ਸਿੰਘ ਬਰਾੜ , ਬਚਿੱਤਰ ਸਿੰਘ ਧਾਲੀਵਾਲ, ਕਮਲਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਆਪ ਆਗੂ, ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ।