ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਜਲਾਲਾਬਾਦ ਰੋਡ 'ਤੇ ਸ਼ਰਾਬ ਠੇਕੇਦਾਰਾਂ ਦੀ ਬਲੈਰੋ ਗੱਡੀ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਉਸਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਦੇਖਦਿਆਂ ਉਸਨੂੰ ਫਰੀਦਕੋਟ ਮੈਡੀਕਲ ਲਈ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸਦੀ ਮੌਤ ਹੋ ਗਈ। ਸ਼ਹਿਰ ਦੇ ਭੁੱਲਰ ਕਾਲੋਨੀ ਗਲੀ ਨੰਬਰ-3 ਦਾ ਨਿਵਾਸੀ ਗੁਰਮੀਤ ਸਿੰਘ ਪੁੱਤਰ ਤਾਰਾ ਸਿੰਘ ਜੋ ਕਿ ਲੱਕੜ ਦਾ ਮਿਸਤਰੀ ਸੀ। ਉਹ ਕਿਸੇ ਕੰਮ ਲਈ ਆਪਣੇ ਮੋਟਰਸਾਈਕਲ 'ਤੇ ਜਲਾਲਾਬਾਦ ਰੋਡ ਵੱਲ ਜਾ ਰਿਹਾ ਸੀ ਕਿ ਦੂਜੇ ਪਾਸਿਓਂ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਤੇਜ ਰਫ਼ਤਾਰ ਨਾਲ ਆ ਰਹੀ ਸੀ, ਜਿਸਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਗੁਰਮੀਤ ਸਿੰਘ ਮੋਟਰਸਾਈਕਲ ਤੋਂ ਥੱਲੇ ਸੜਕ 'ਤੇ ਡਿੱਗ ਪਿਆ ਜਿਸਨੂੰ ਗੰਭੀਰ ਸੱਟਾਂ ਲੱਗੀਆਂ। ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।