‘ਆਪ੍ਰੇਸ਼ਨ ਪ੍ਰਹਾਰ’ ਤਹਿਤ ਸੰਵੇਦਨਸ਼ੀਲ ਇਲਾਕਿਆ ’ਚ ਵਿੱਢੀ ਤਲਾਸ਼ੀ ਮੁਹਿੰਮ
ਆਪਰੇਸ਼ਨ ਪ੍ਰਹਾਰ-2.0 (ਦੂਜਾ ਦਿਨ)
Publish Date: Tue, 10 Feb 2026 04:22 PM (IST)
Updated Date: Tue, 10 Feb 2026 04:26 PM (IST)

ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ‘ਆਪਰੇਸ਼ਨ ਪ੍ਰਹਾਰ-2.0’ ਤਹਿਤ ਐਸਕੇ ਰਾਮਪਾਲ ਡੀਆਈਜੀ ਏਐਨਟੀਐਫ ਐਂਡ ਕਮਾਂਡੋ ਦੀ ਨਿਗਰਾਨੀ ਅਤੇ ਅਭਿਮਨਿਉ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਹ ਮੁਹਿੰਮ ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਇਸ ਅਭਿਆਨ ਦੇ ਦੂਜੇ ਦਿਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵਿਸ਼ੇਸ਼ ਕਾਰਵਾਈ ਤਹਿਤ ਕੁੱਲ 550 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਅਤੇ 71 ਵੱਖ-ਵੱਖ ਟੀਮਾਂ ਬਣਾਕੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਲਗਾਤਾਰ ਰੇਡਾਂ ਅਤੇ ਸਰਚ ਆਪਰੇਸ਼ਨ ਕੀਤੇ ਗਏ। ਇਸ ਦੇ ਨਾਲ ਹੀ ਸੰਵੇਦਨਸ਼ੀਲ ਇਲਾਕਿਆਂ ’ਚ ਨਾਕਾਬੰਦੀ, ਪੈਦਲ ਗਸ਼ਤ ਅਤੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਜਾਰੀ ਰੱਖੀ ਗਈ। ਦੋ ਦਿਨਾਂ ’ਚ ਕੁੱਲ 86 ਗ੍ਰਿਫ਼ਤਾਰੀਆਂ ਆਪਰੇਸ਼ਨ ਦੇ ਪਹਿਲੇ ਦਿਨ ਜ਼ਿਲ੍ਹਾ ਪੁਲਿਸ ਵੱਲੋਂ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਕੁਝ ਪੁਰਾਣੇ ਭਗੌੜੇ ਅਤੇ ਮੁਕੱਦਮਿਆਂ ਵਿੱਚ ਲੋੜੀਂਦੇ ਅਪਰਾਧੀ ਵੀ ਸ਼ਾਮਲ ਸਨ। ਦੂਜੇ ਦਿਨ ਅੱਜ ਸਵੇਰ ਤੋਂ ਸ਼ਾਮ ਤੱਕ ਹੋਰ 45 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤਰ੍ਹਾਂ ਦੋ ਦਿਨਾਂ ਵਿੱਚ ਕੁੱਲ ਮਿਲਾ ਕੇ 86 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 8 ਘੋਸ਼ਿਤ ਭਗੌੜੇ (ਪ੍ਰੋਕਲੇਮਡ ਅਫੈਂਡਰ) ਵੀ ਸ਼ਾਮਲ ਹਨ। ਕੁਝ ਮਾਮਲਿਆਂ ’ਚ ਇਤਰਾਜਯੋਗ ਵਸਤੂਆਂ ਦੀ ਬਰਾਮਦਗੀ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਹੋਰ ਜਾਂਚ ਜਾਰੀ ਹੈ। ਸਖ਼ਤ ਨਾਕਾਬੰਦੀ ਤੇ ਤਕਨੀਕੀ ਜਾਂਚ ਜ਼ਿਲ੍ਹੇ ਦੇ ਬਾਜ਼ਾਰਾਂ, ਜਨਤਕ ਥਾਵਾਂ, ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਲਈ PAIS ਐਪ ਅਤੇ ਵਾਹਨਾਂ ਦੀ ਜਾਂਚ ਲਈ ਵਹੀਕਲ ਵੈਰੀਫਿਕੇਸ਼ਨ ਐਪ ਦੀ ਵਰਤੋਂ ਕਰਕੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਣ ‘ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਸੰਦੇਸ਼ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਗੈਂਗਸਟਰਾਂ, ਧਮਕੀਆਂ ਦੇਣ ਵਾਲੇ ਤੱਤਾਂ ਅਤੇ ਨਜਾਇਜ਼ ਵਸੂਲੀ ਕਰਨ ਵਾਲੇ ਅਪਰਾਧਿਕ ਗਿਰੋਹਾਂ ਖ਼ਿਲਾਫ਼ ਇੱਕ ਇੰਟੈਲੀਜੈਂਸ-ਆਧਾਰਿਤ ਵਿਸ਼ੇਸ਼ ਕਾਰਵਾਈ ਹੈ ਜੋ ਆਗਾਮੀ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕੀਤੀ ਜਾ ਰਹੀ ਹੈ। ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਿਰਫ਼ ਪੁਸ਼ਟੀਸ਼ੁਦਾ ਜਾਣਕਾਰੀ ਹੀ ਪ੍ਰਸਾਰਿਤ ਕਰਨ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ, ਤਾਂ ਜੋ ਸਮਾਜ ਵਿੱਚ ਗਲਤ ਫਹਿਮੀਆਂ ਨਾ ਫੈਲਣ। ਲੋਕਾਂ ਲਈ ਅਪੀਲ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ, ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਦੇਣ ਅਤੇ ਅਫ਼ਵਾਹਾਂ ਤੋਂ ਬਚਣ। ਕਿਸੇ ਵੀ ਅਪਰਾਧਿਕ ਜਾਣਕਾਰੀ ਲਈ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।