‘ਆਪ੍ਰੇਸ਼ਨ ਪ੍ਰਹਾਰ-3.0’; ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਰਚ ਆਪ੍ਰੇਸ਼ਨ, ਨਾਕਾਬੰਦੀ ਤੇ ਚੈਕਿੰਗ ਆਪਰੇਸ਼ਨ ਪ੍ਰਹਾਰ-3.0 ਆਪਰੇਸ਼ਨ ਪ੍ਰਹਾਰ-3.0 ਆਪਰੇਸ਼ਨ ਪ੍ਰਹਾਰ-3.0
Publish Date: Sat, 04 Jul 2026 04:40 PM (IST)
Updated Date: Sat, 04 Jul 2026 04:41 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਆਪਰੇਸ਼ਨ ਪ੍ਰਹਾਰ-3.0’ ਤਹਿਤ ਐਸਐਸਪੀ ਅਭਿਮਨਿਉ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਮੇਤ ਚਾਰੇ ਸਬ-ਡਿਵੀਜ਼ਨਾਂ ’ਚ ਮਨਮੀਤ ਸਿੰਘ ਢਿੱਲੋਂ, ਐਸਪੀ (ਡੀ.), ਹਰਕਮਲ ਕੌਰ, ਐਸਪੀ (ਐਚ.) ਅਤੇ ਸਮੂਹ ਡੀਐਸਪੀ ਦੀ ਨਿਗਰਾਨੀ ਹੇਠ ਕਰੀਬ 500 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਹ ਟੀਮਾਂ ਸਵੇਰ ਤੋਂ ਹੀ ਇਕੋ ਸਮੇਂ ਜ਼ਿਲ੍ਹੇ ਭਰ ’ਚ ਸਰਚ ਆਪਰੇਸ਼ਨ, ਰੇਡਾਂ ਅਤੇ ਨਾਕਾਬੰਦੀ ਕਰਕੇ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਲੋੜੀਂਦੇ ਵਿਅਕਤੀਆਂ ਤੇ ਉਨ੍ਹਾਂ ਦੇ ਨਜ਼ਦੀਕੀ ਸੰਪਰਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਪ੍ਰਮੁੱਖ ਮਾਰਗਾਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਹੀਨਿਅਸ ਕ੍ਰਾਈਮ, ਐਨਡੀਪੀਐਸ. ਐਕਟ ਅਤੇ ਹੋਰ ਸੰਗੀਨ ਅਪਰਾਧਾਂ ’ਚ ਸ਼ਾਮਲ ਜਾਂ ਵਾਰ-ਵਾਰ ਅਪਰਾਧ ਕਰਨ ਵਾਲੇ ਵਿਅਕਤੀਆਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਚੈਕਿੰਗ ਦੌਰਾਨ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਇਤਰਾਜ਼ਯੋਗ ਵਸਤੂ ਮਿਲਣ ਤੇ ਸਬੰਧਤ ਵਿਅਕਤੀ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ, ਸੰਵੇਦਨਸ਼ੀਲ ਇਲਾਕਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ਤੇ ਫੁੱਟ ਪੈਟਰੋਲਿੰਗ ਅਤੇ ਅਚਾਨਕ ਚੈਕਿੰਗ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਸਮਾਨ ਦੀ ਜਾਂਚ ਅਤੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਪੀਏਆਈਐਸ ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਅਤੇ ਵਹੀਕਲ ਵੈਰੀਫਿਕੇਸ਼ਨ ਐਪ ਰਾਹੀਂ ਵਾਹਨਾਂ ਅਤੇ ਉਨ੍ਹਾਂ ਦੇ ਮਾਲਕਾਂ ਦਾ ਅਪਰਾਧਿਕ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 115 ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 53 ਗ੍ਰਾਮ ਹੈਰੋਇਨ, 450 ਨਸ਼ੀਲੀਆਂ ਗੋਲੀਆਂ, 53 ਕਿਲੋਗ੍ਰਾਮ ਪੋਸਤ, 12,230 ਦੀ ਡਰੱਗ ਮਨੀ, 50 ਲੀਟਰ ਨਾਜਾਇਜ਼ ਸ਼ਰਾਬ, 1,800 ਨਸ਼ੀਲੇ ਕੈਪਸੂਲ, 2 ਮੋਟਰਸਾਈਕਲ ਅਤੇ 1 ਟਰੱਕ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-3.0 ਇੱਕ ਰਾਜ ਪੱਧਰੀ ਵਿਸ਼ੇਸ਼ ਮੁਹਿੰਮ ਹੈ, ਜਿਸ ਦਾ ਮੁੱਖ ਉਦੇਸ਼ ਗੈਂਗਸਟਰਾਂ, ਭਗੌੜੇ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਬਿਨਾਂ ਵਜ੍ਹਾ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਪੁਸ਼ਟ ਜਾਂ ਭਰਮ ਪੈਦਾ ਕਰਨ ਵਾਲੀ ਜਾਣਕਾਰੀ ਨੂੰ ਪ੍ਰਸਾਰਿਤ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਹਰ ਖ਼ਬਰ ਦੀ ਪੁਸ਼ਟੀ ਕਰਨ ਉਪਰੰਤ ਹੀ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕੀਤਾ ਜਾਵੇ ਤਾਂ ਜੋ ਸਮਾਜ ’ਚ ਕਿਸੇ ਵੀ ਤਰ੍ਹਾਂ ਦੀ ਗਲਤਫਹਿਮੀ ਜਾਂ ਅਫ਼ਵਾਹ ਨਾ ਫੈਲੇ। ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ, ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਤੱਤ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ। ਜੇਕਰ ਕਿਸੇ ਵਿਅਕਤੀ ਕੋਲ ਕਿਸੇ ਵੀ ਅਪਰਾਧਿਕ ਗਤੀਵਿਧੀ ਜਾਂ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 80549-42100 ਤੇ ਸੰਪਰਕ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।