‘ਆਪ-ਕਾਂਗਰਸ ਝੜਪ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਮਲੋਟ ’ਚ ਸਾਂਝਾ ਰੋਸ ਮਾਰਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਦੇ ਐਸਡੀਐਮ ਦਫ਼ਤਰ ਦੇ ਬਾਹਰ ਸੋਮਵਾਰ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਝੜਪ ਨੇ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਮੰਗਲਵਾਰ ਨੂੰ ਕਾਂਗਰਸ, ਸ਼ੋ੍ਮਣੀ ਅਕਾਲੀ ਦਲ ਅਤੇ ਭਾਜਪਾ ਨੇ ਆਪਸੀ ਮੱਤਭੇਦ ਭੁਲਾ ਕੇ ਸੱਤਾਧਾਰੀ ‘ਆਪ’ ਖ਼ਿਲਾਫ਼ ਸਾਂਝਾ ਮੋਰਚਾ ਖੋਲ੍ਹ ਦਿੱਤਾ। ਤਿੰਨਾਂ ਪਾਰਟੀਆਂ ਦੇ ਸਾਂਝੇ ਸੱਦੇ ’ਤੇ ਸ਼ਹਿਰ ’ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪੀਏ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਮਾਰਚ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਅਤੇ ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ ਸਮੇਤ ਸੈਂਕੜੇ ਵਰਕਰ ਸ਼ਾਮਲ ਹੋਏ। ਇਹ ਮਾਰਚ ਜੀਟੀ ਰੋਡ ਸਥਿਤ ਲਾਈਟਾਂ ਵਾਲੇ ਚੌਕ ਤੋਂ ਸ਼ੁਰੂ ਹੋ ਕੇ ਇੰਦਰਾ ਰੋਡ, ਰੇਲਵੇ ਰੋਡ, ਚਾਰ ਖੰਭਾ ਚੌਕ ਤੋਂ ਹੁੰਦਾ ਹੋਇਆ ਅਗਰਵਾਲ ਚੌਕ ਵਿਖੇ ਰੋਸ ਸਭਾ ਵਿੱਚ ਤਬਦੀਲ ਹੋ ਗਿਆ। ਰੋਸ ਮਾਰਚ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ, ਮੰਤਰੀ ਡਾ. ਬਲਜੀਤ ਕੌਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਆਗੂ ਸੱਤਾ ਦੇ ਨਸ਼ੇ ਵਿੱਚ ਧੱਕੇਸ਼ਾਹੀ ਕਰ ਰਹੇ ਹਨ ਅਤੇ ਪ੍ਰਸ਼ਾਸਨ ਮੂਕਦਰਸ਼ਕ ਬਣਿਆ ਹੋਇਆ ਹੈ। ਚੇਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਤਹਿਸੀਲ ਵਿੱਚ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਮਾਰਚ ਕਾਰਨ ਮੁੱਖ ਬਾਜ਼ਾਰਾਂ ਵਿੱਚ ਟ੍ਰੈਫਿਕ ਪ੍ਰਭਾਵਿਤ ਹੋਇਆ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਡੀਐਸਪੀ ਅਤੇ ਐਸਐਸਪੀ ਮੁਕਤਸਰ ਨੂੰ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜ ਚੋਣ ਕਮਿਸ਼ਨ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਵੋਟਾਂ ਵਾਲੇ ਦਿਨ ਵੀ ਸਰਕਾਰ ਵਿਰੋਧੀਆਂ ਨਾਲ ਧੱਕਾ ਕਰ ਸਕਦੀ ਹੈ। ਇਸ ਲਈ ਰਾਜ ਚੋਣ ਕਮਿਸ਼ਨ ਤੋਂ ਮੰਗ ਹੈ ਕਿ ਵੋਟਾਂ ਵਾਲੇ ਦਿਨ ਮਲੋਟ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।