ਜਥੇਬੰਦੀਆਂ ਵੱਲੋਂ 22 ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ
ਜਥੇਬੰਦੀਆਂ ਵੱਲੋਂ 22 ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Thu, 19 Feb 2026 04:46 PM (IST)
Updated Date: Fri, 20 Feb 2026 04:04 AM (IST)

-ਪਿੰਡ ਖਿੜਕੀਆਂ ਵਾਲਾ ਤੇ ਬਰਕੰਦੀ ’ਚ ਕੀਤੀ ਲਾਮਬੰਦੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੀਆਂ ਦਰਜਨਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਤਰੀਕ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀ ਲੜੀ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਮਲੋਟ ਘਰ ਅੱਗੇ ਲੱਗਣ ਵਾਲੇ ਧਰਨੇ ਦੀ ਤਿਆਰੀ ਵਾਸਤੇ ਪਿੰਡ ਖਿੜਕੀਆਂ ਵਾਲਾ ਤੇ ਬਰਕੰਦੀ ਵਿਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀ ਵਾਲਾ ਤੇ ਜਸਵਿੰਦਰ ਸਿੰਘ ਸੰਗੂਧੌਣ ਕਿ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ, ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ, ਮਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਨੂੰ ਬਹਾਲ ਕਰਨ, ਬਿਜਲੀ ਸੋਧ ਬਿੱਲ 2025, ਮਜ਼ਦੂਰ ਵਿਰੋਧੀ ਲੇਬਰ ਕੋਡ ਅਤੇ ਦੋਸ਼ ਵਿਰੋਧੀ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਖੇਤ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ ’ਤੇ ਜ਼ੁਲਮ ਢਾਹ ਰਹੀਆਂ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੀ ਰਾਮ ਜੀ ਕਾਨੂੰਨ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਦੇਣ ਦੇ ਫਰੇਬੀ ਐਲਾਨਾਂ ਰਾਹੀਂ ਮਜ਼ਦੂਰਾਂ ਨੂੰ ਮਨਰੇਗਾ ’ਚ ਮਿਲਦਾ ਨਾਮਾਤਰ ਰੁਜ਼ਗਾਰ ਵੀ ਖੋਹਣ ’ਤੇ ਉਤਰ ਆਈ ਹੈ ਅਤੇ ਬਿਜਲੀ ਦੇ ਮੁਕੰਮਲ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਤੋਂ ਬਿਜਲੀ ਖੋਹ ਕੇ ਉਨ੍ਹਾਂ ਦੇ ਘਰਾਂ ਚ ਹਨੇਰਾ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਬਿਜਲੀ ਬੋਰਡ ਸਮੇਤ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚ ਰਹੀ ਹੈ। ਬੁਲਾਰਿਆਂ ਨੇ ਭਾਜਪਾ ਤੇ ਆਪ ਦੇ ਰਾਜ਼ ਚ ਦਲਿਤ ਵਰਗ ਉੱਤੇ ਜ਼ਬਰ ਦੀਆਂ ਘਟਨਾਵਾਂ ’ਚ ਤੇਜ਼ੀ ਨਾਲ ਵਧਣ ਦੇ ਦੋਸ਼ ਲਾਉਂਦਿਆਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਤੇ ਆਪ ਸਮੇਤ ਸਭਨਾਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਆਪਣੀ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਅਤੇ ਹਕੂਮਤੀ ਨੀਤੀਆਂ ਦੀ ਮਾਰ ਸਹਿੰਦੇ ਸਭਨਾਂ ਕਿਰਤੀ ਕਮਾਊ ਲੋਕਾਂ ਨਾਲ ਸੰਘਰਸ਼ੀ ਸਾਂਝ ਵਿਕਸਤ ਕਰਦੇ ਹੋਏ 22 ਫਰਵਰੀ ਦੇ ਧਰਨੇ ਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਮੀਟਿੰਗਾਂ ਵਿੱਚ ਬਠਿੰਡਾ ਵਿਖੇ ਸ਼ਾਂਤਮਈ ਧਰਨਾ ਦੇਣ ਆ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਵੱਲੋਂ ਪੰਜਾਬ ਭਰ ਚ ਪਿੰਡਾਂ ਅੰਦਰ ਘੇਰ ਕੇ ਲਾਠੀਚਾਰਜ ਕਰਨ, ਅਥਰੂ ਗੈਸ ਦੇ ਗੋਲੇ ਸੁੱਟਣ ਤੇ ਵੱਡੀ ਪੱਧਰ ਤੇ ਗ੍ਰਿਫਤਾਰੀਆਂ ਕਰਨ, ਇੱਕ ਕਿਸਾਨ ਦੀ ਲੱਤ ਤੋਂ ਹੱਥ ਤੋੜਣ ਵਾਲੀ ਕਾਰਵਾਈ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਇਸ ਮੌਕੇ ਮੋਹਣ ਸਿੰਘ, ਮੁਗ਼ਲ ਸਿੰਘ, ਗੁਰਬਖਸ਼ ਸਿੰਘ, ਬਿੱਲੂ ਸਿੰਘ, ਜੱਗਾ, ਸੀਰਾ ਸਿੰਘ ਖਿੜਕੀਆਂ ਵਾਲਾ ਤੇ ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਰੇਸ਼ਮ ਸਿੰਘ,ਹਜਾਰਾ ਸਿੰਘ, ਮਨਜੀਤ ਸਿੰਘ ਬਰਕੰਦੀ ਸ਼ਾਮਿਲ ਸਨ।