ਬਿਜਲੀ ਕੱਟਾਂ ਕਾਰਨ ਹਾਹਾਕਾਰ, ਕਿਸਾਨ-ਵਪਾਰੀ ਬੇਹਾਲ ਬਿਜਲੀ ਕੱਟਾਂ ਕਾਰਨ ਹਾਹਾਕਾਰ ਕਿਸਾਨ-ਵਪਾਰੀ ਬੇਹਾਲ
Publish Date: Thu, 10 Sep 2026 03:54 PM (IST)
Updated Date: Fri, 11 Sep 2026 04:02 AM (IST)
ਬਿਜਲੀ ਲਈ ਤਰਸਿਆ ਪੰਜਾਬ, ਕਿਸਾਨ-ਵਪਾਰੀ ਸੜਕਾਂ ’ਤੇ ਆਉਣ ਨੂੰ ਮਜਬੂਰ : ਹਨੀ ਫੱਤਣਵਾਲਾ ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੂਬੇ ’ਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਰਿਹਾਇਸ਼ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ ਜਿਸ ਦੌਰਾਨ ਬਿਜਲੀ ਸੰਕਟ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਹਨੀ ਫੱਤਣਵਾਲਾ ਨੇ ਕਿਹਾ ਕਿ ਇਸ ਵਾਰ ਕੁਦਰਤੀ ਬਾਰਿਸ਼ਾਂ ਘੱਟ ਹੋਣ ਕਾਰਨ ਕਿਸਾਨਾਂ ਲਈ ਝੋਨੇ ਦੀ ਫ਼ਸਲ ਪਾਲਣਾ ਪਹਿਲਾਂ ਹੀ ਮੁਸ਼ਕਲ ਬਣਿਆ ਹੋਇਆ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਨ੍ਹਾਂ ਅਨੁਸਾਰ ਕਈ ਥਾਵਾਂ ’ਤੇ 2-3 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦ ਬਹਾਲ ਨਾ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੇ ਝਾੜ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ ਤੇ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਵਿੱਚੋਂ ਲੰਘ ਰਹੇ ਕਿਸਾਨਾਂ ’ਤੇ ਹੋਰ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਵੀ ਬਿਜਲੀ ਕੱਟਾਂ ਤੋਂ ਪ੍ਰਭਾਵਿਤ ਹੈ ਤੇ ਜੇਕਰ ਨਿਰਵਿਘਨ ਬਿਜਲੀ ਸਪਲਾਈ ਬਹਾਲ ਨਾ ਹੋਈ ਤਾਂ ਘਾਟੇ ਵਿੱਚ ਚੱਲ ਰਹੀਆਂ ਇਕਾਈਆਂ ਹੜਤਾਲ ’ਤੇ ਜਾਣ ਲਈ ਮਜਬੂਰ ਹੋ ਸਕਦੀਆਂ ਹਨ। ਹਨੀ ਫਤਣਵਾਲਾ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਦੀਆਂ ਸਹੂਲਤਾਂ ਤੇ ਬਾਪੂ ਬਾਦਲ ਨੂੰ ਯਾਦ ਕਰ ਰਹੇ ਹਨ ਅਤੇ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।