- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਮਾਰਚ ਨੂੰ ਬਠਿੰਡਾ ਵਿਖੇ ਲਲਕਾਰ ਮਾਰਚ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਕੀਤਾ ਲਾਮਬੰਦ

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਮਲੋਟ : ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਮਲੋਟ ਵਿਖੇ ਜਿਲ੍ਹਾ ਪੱਧਰੀ ਮੀਟਿੰਗ ਕਰਦਿਆਂ ਸੱਦਾ ਦਿੱਤਾ ਕਿ ਬਠਿੰਡਾ ਵਿਖੇ 6 ਮਾਰਚ ਨੂੰ 50 ਤੋਂ ਵੱਧ ਜਥੇਬੰਦੀਆਂ ਦੇ ਆਗੂ ਤੇ ਪਿੰਡਾਂ ’ਚੋਂ ਕਿਸਾਨ ਮਜ਼ਦੂਰ ਲਲਕਾਰ ਮਾਰਚ ’ਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਲਛਮਣ ਸਿੰਘ ਸੇਵੇਵਾਲਾ ਤੇ ਹੋਰ ਆਗੂਆਂ ਨੇ ਕਿਹਾ ਕਿ 18 ਫਰਵਰੀ ਨੂੰ ਬਠਿੰਡਾ ਜਿਲ੍ਹਾ ਦੇ ਪਿੰਡ ਜਿਉਂਦ ਵਿਖੇ ਇਕੱਠੇ ਹੋਏ ਕਿਸਾਨ ਮਜ਼ਦੂਰਾਂ ’ਤੇ ਬਠਿੰਡਾ ਦੀ ਐਸਐਸਪੀ ਤੇ ਹੋਰ ਪੁਲਿਸ ਨੇ ਜੋ ਜਬਰ ਕੀਤਾ ਹੈ ਉਸਦੀ ਉਹ ਸਖਤ ਸ਼ਬਦਾਂ ’ਚ ਨਿਖੇਦੀ ਕਰਦੇ ਹਨ ਤੇ ਮੰਗ ਕਰਦੇ ਹਨ ਕਿ ਇਨਾਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਜਾਵੇ ਕਿਉਂਕਿ ਉਨ੍ਹਾਂ ਦੇ ਆਗੂਆਂ ਤੇ ਮਜ਼ਦੂਰਾਂ ਨੇ ਥਾਣੇ ਜਾ ਕੇ ਬਿਆਨ ਲਿਖਵਾ ਦਿੱਤੇ ਹਨ ਤੇ ਬਿਆਨ ਲਿਖਵਾਉਣ ਤੋਂ ਬਾਅਦ ਪਰਚਾ ਦਰਜ ਕਰਨਾ ਕਾਨੂੰਨੀ ਕਾਰਵਾਈ ਹੁੰਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਿਉਂਦ ਪਿੰਡ ਦੇ ਮਜ਼ਦੂਰਾਂ ਨੂੰ ਥਾਣੇ ਬੁਲਾਇਆ ਜਾ ਰਿਹਾ ਹੈ ਉਨ੍ਹਾਂ ਇਸ ਗੱਲ ਦੀ ਵੀ ਨਿਖੇਧੀ ਕੀਤੀ ਕਿ ਮਜ਼ਦੂਰਾਂ ਨੂੰ ਇਨਸਾਫ ਦਵਾਉਣ ਦੀ ਬਜਾਏ ਪੁਲਿਸ ਉਨ੍ਹਾਂ ਨੂੰ ਥਾਣੇ ਸੱਦ ਕੇ ਡਰਾ ਧਮਕਾ ਰਹੀ ਹੈ ਜਿਸਦਾ ਉਹ ਸਖਤ ਵਿਰੋਧ ਕਰਦੇ ਹਨ। ਇਸ ਮੌਕੇ ਹਾਜ਼ਰ ਹੋਰ ਆਗੂਆਂ ਨੇ ਕਿਹਾ ਕਿ ਅੱਜ ਮਲੋਟ ਵਿਖੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਆਗੂਆਂ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ ’ਚ ਛੇ ਮਾਰਚ ਨੂੰ ਬਠਿੰਡਾ ਵਿਖੇ ਹੋ ਰਹੇ ਵੱਡੇ ਲਲਕਾਰ ਮਾਰਚ ’ਚ ਉਨ੍ਹਾਂ ਤੋਂ ਇਲਾਵਾ 50 ਤੋਂ ਵੱਧ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂ ਸ਼ਾਮਲ ਹੋ ਰਹੇ ਹਨ ’ਚ ਇਨਸਾਫ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੁਲਿਸ ਨੇ ਇੱਕ ਨੌਜਵਾਨ ਨੂੰ ਪੀਲੇ ਪਰਨੇ ਵਾਲਾ ਕਹਿ ਕੇ ਉਸ ਦੀ ਲੱਤ ਲੱਕ ਤੋੜ ਦਿੱਤੀ ਤੇ ਦੂਜੇ ਇਕ ਨੌਜਵਾਨ ਨੂੰ ਧੂੰਏ ਵਾਲੇ ਬੰਬ ਨਾਲ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਕਿਸਾਨਾਂ ਤੇ ਔਰਤਾਂ ਤੇ ਵਿਦੇਸ਼ੀ ਧਾੜਵੀਆਂ ਵਾਂਗ ਜਬਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵੀ ਮੰਗ ਕੀਤੀ ਜਾਵੇਗੀ ਕਿ ਜਿਨਾਂ ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਮਜ਼ਦੂਰਾਂ ਨਾਲ ਧੱਕਾ ਕੀਤਾ ਹੈ ਉਨ੍ਹਾਂ ਨੂੰ ਤਲਬ ਕੀਤਾ ਜਾਵੇ ਤੇ ਲੋਕਾਂ ਦੇ ਜਮਹੂਰੀ ਹੱਕ ਬਹਾਲ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਤੇ ਇਹ ਮਾਰ ਧਾੜਵੀਆਂ ਵਾਲੀ ਮਾਰ ਕਿਸੇ ਵਿਸ਼ੇਸ਼ ਸਾਜਿਸ਼ ਤਹਿਤ ਕੀਤੀ ਜਾ ਰਹੀ ਹੈ। ਲਛਮਣ ਸਿੰਘ ਸੇਵੇਵਾਲਾ ਤੇ ਹੋਰ ਆਗੂਆਂ ਨੇ ਇਸ ਮੌਕੇ ਕਿਹਾ ਕਿ ਸਰਕਾਰਾਂ ਕਿਸਾਨਾਂ ਲੋਕਾਂ ਦੀਆਂ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੇ ਮਾੜੇ ਇਰਾਦੇ ਨਾਲ ਤੇ ਲੋਕਾਂ ਨੂੰ ਨੂੜ ਕੇ ਬਗਿਆੜਾਂ ਦੇ ਵੱਸ ਪਾਉਣ ਜਿਹੇ ਨਾਪਾਕ ਇਰਾਦਿਆਂ ਨੂੰ ਸਿਰੇ ਚਾੜਨ ਤਹਿਤ ਅਜਿਹੇ ਜਬਰ ਜਬਰ ਕੀਤੇ ਜਾ ਰਹੇ ਹਨ ਜਿਸ ਦਾ ਉਹ ਸਖਤ ਵਿਰੋਧ ਕਰਦੇ ਹਨ। ਮੀਟਿੰਗ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨ ਸਕੱਤਰ ਲਸ਼ਮਣ ਸਿੰਘ ਸੇਵੇਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਬੀਕੇਯੂ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੂੰਨਣ ਖੁਰਦ, ਤਰਸੇਮ ਸਿੰਘ ਤੇ ਕਾਕਾ ਸਿੰਘ ਖੁੰਡੇ ਹਲਾਲ ਸਮੇਤ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ।