- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹੇ ਭਰ ’ਚ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ. ਸ੍ਰੀ ਮੁਕਤਸਰ ਸਾਹਿਬ : ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ’ਚ ਸਪੈਸ਼ਲ ਨਾਈਟ ਚੈਕਿੰਗ ਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸਐਸਪੀ ਅਭਿਮੰਨਿਊ ਰਾਣਾ ਵੱਲੋਂ ਖੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਤੇ ਪੁਲਿਸ ਨਾਕਿਆਂ ’ਤੇ ਪਹੁੰਚ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਦਾ ਜਾਇਜ਼ਾ ਲਿਆ ਗਿਆ ਤੇ ਡਿਊਟੀ ਦੌਰਾਨ ਚੌਕਸੀ, ਮੁਸਤੈਦੀ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਸਬੰਧੀ ਮੌਕੇ ’ਤੇ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਭਰ ’ਚ 43 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਇੰਟਰ-ਸਟੇਟ ਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਤੇ ਚੈਕਿੰਗ ਕੀਤੀ ਗਈ। ਇਸ ਮੁਹਿੰਮ ’ਚ 2 ਐਸਪੀ, 6 ਡੀਐਸਪੀ ਤੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ ਗਈ।