ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ
Publish Date: Tue, 18 Aug 2026 04:31 PM (IST)
Updated Date: Tue, 18 Aug 2026 04:33 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਦਿਆਂ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਟਕਰਾਅ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬਕਾਇਆ ਡੀਏ ਜਾਰੀ ਨਹੀਂ ਕੀਤਾ ਜਾ ਰਿਹਾ, ਸਗੋਂ ਵਿੱਤ ਸਕੱਤਰ ਵੱਲੋਂ ਹੇਠਲੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਵਿੱਤ ਮੰਤਰਾਲੇ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਨੂੰ ਵੀ ਡੀਏ ਨਾ ਦਿੱਤਾ ਜਾਵੇ। ਆਗੂਆਂ ਅਨੁਸਾਰ ਕਾਨੂੰਨ ਬਣਾਉਣ ਵਾਲੇ ਹੀ ਅਦਾਲਤੀ ਫੈਸਲਿਆਂ ਦੀਆਂ ਧੱਜੀਆਂ ਉਡਾ ਰਹੇ ਹਨ। ਧਰਨਿਆਂ ’ਚੋਂ ਨਿਕਲੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਆਗੂਆਂ ਨੇ ਕਿਹਾ ਕਿ ਅਖੌਤੀ ਜਮਹੂਰੀਅਤ ’ਚ ਲੋਕਾਂ ਦਾ ਸ਼ਾਂਤਮਈ ਸੰਘਰਸ਼ ਕਰਨ ਦਾ ਹੱਕ ਖੋਹਿਆ ਜਾ ਰਹੀ ਹੈ। ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਮੁਲਾਜ਼ਮਾਂ ਤੇ ਬੈਰੀਕੇਡ ਲਗਾ ਕੇ ਪਾਣੀ ਦੀਆਂ ਬੌਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ 18% ਬਕਾਇਆ ਡੀਏ ਤੁਰੰਤ ਜਾਰੀ ਕੀਤਾ ਜਾਵੇ, 2.59 ਦਾ ਫਾਰਮੂਲਾ ਅਤੇ 23 ਸਾਲਾ ਟਾਈਮ ਸਕੇਲ ਸਾਰਿਆਂ ਤੇ ਇਕਸਾਰ ਲਾਗੂ ਹੋਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ’ਚ ਨਿਯਮਾਂ ਮੁਤਾਬਕ ਪੱਕੀ ਭਰਤੀ ਕੀਤੀ ਜਾਵੇ, ਉਦਯੋਗਿਕ ਪਾਰਕਾਂ ਲਈ 4 ਜ਼ਿਲ੍ਹਿਆਂ ਚ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਡਰੋਨਾਂ ਰਾਹੀਂ ਕੀਤੀ ਜਾ ਰਹੀ ਮੈਪਿੰਗ ਤੁਰੰਤ ਬੰਦ ਹੋਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 27 ਅਗਸਤ 2026 ਨੂੰ ਹੋਣ ਵਾਲੀ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸਤੋਂ ਪਹਿਲਾਂ 23 ਅਗਸਤ 2026 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਰੱਖੇ ਪ੍ਰੋਗਰਾਮ ’ਚ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਜਾਵੇਗੀ। ਨਾਲ ਹੀ, 27 ਅਗਸਤ ਦੇ ‘ਪੰਜਾਬ ਜਾਮ’ ਦੇ ਸੱਦੇ ’ਤੇ ਮੁਕਤਸਰ ਦੀਆਂ ਜਥੇਬੰਦੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਆਗੂਆਂ ਨੇ ਸਾਫ਼ ਕੀਤਾ ਕਿ ਜੇਕਰ ਸਰਕਾਰ ਨੇ ਅੜੀਅਲ ਰਵੱਈਆ ਨਾ ਛੱਡਿਆ ਤਾਂ ਆਉਂਦੀਆਂ ਚੋਣਾਂ ’ਚ ਸਰਕਾਰ ਨੂੰ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਪ੍ਰੋਗਰਾਮ ਨੂੰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ ਸ਼ਰਮਾ, ਬੂਟਾ ਸਿੰਘ, ਪੈਨਸ਼ਨਰ ਵੈਲਫੇਅਰ ਪਾਵਰਕਾਮ ਤੋਂ ਬਸੰਤ ਸਿੰਘ, ਬਲਜੀਤ ਸਿੰਘ ਕਿਰਪਾਲਕੇ, ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਮਨਿੰਦਰ ਸਿੰਘ, ਬਲਜੀਤ ਸਿੰਘ ਮੋਦਲਾ, ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਗੁਰਸੇਵਕ ਸਿੰਘ ਤੇ ਬਰਜਿੰਦਰ ਕੁਮਾਰ ਸ਼ਰਮਾ ਨੇ ਸੰਬੋਧਨ ਕੀਤਾ। ਆਗੂਆਂ ਨੇ ਪਹੁੰਚੇ ਸਮੂਹ ਸਾਥੀਆਂ ਤੇ ਭੈਣਾਂ ਦਾ ਧੰਨਵਾਦ ਕਰਦਿਆਂ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।